ਐਸ.ਏ.ਐਸ. ਨਗਰ (ਮੁਹਾਲੀ), ਪਸ਼ੂ ਪਾਲਣ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਵਿੱਚ ਰੋਜ਼ੀ ਰੋਟੀ ਲਈ ਘਰਾਂ ਵਿੱਚ ਕੰਮ ਕਰਨ ਵਾਲੇ ਨੌਕਰਾਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ, ਤਾਂ ਜੋ ਉਹ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ। ਉਹ ਮੰਗਲਵਾਰ ਸ਼ਾਮ ਨੂੰ ਪਿੰਡ ਬਲੌਂਗੀ ਵਿੱਚ ਕਿਰਤੀ ਕਾਮਿਆਂ ਨੂੰ ਰਜਿਸਟਰੇਸ਼ਨ ਸਬੰਧੀ ਕਾਰਡ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਜ਼ਿਲ੍ਹਾ ਮੁਹਾਲੀ ਵਿੱਚ ਕਿਰਤੀ ਕਾਮਿਆਂ ਨੂੰ 7 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਰਤੀ ਕਾਮਿਆਂ ਦੀ ਰਜਿਸਟਰੇਸ਼ਨ ਲਈ ਪਿੰਡ ਪੱਧਰ ’ਤੇ ਕੈਂਪ ਲਾਏ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਕਿਰਤ ਕਾਮਿਆਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਸਕੀਮ ਤਹਿਤ ਮਿਲਣ ਵਾਲੀ 31 ਹਜ਼ਾਰ ਰੁਪਏ ਰਾਸ਼ੀ ਵਧਾ ਕੇ 51 ਹਜ਼ਾਰ ਰੁਪਏ ਕੀਤੀ ਗਈ ਹੈ ਅਤੇ ਕਿਰਤੀ ਕਾਮਿਆਂ ਦੇ ਬੱਚਿਆਂ ਦੀ ਪਹਿਲੀ ਜਮਾਤ ਤੋਂ ਲੈ ਕੇ ਪੋਸਟਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਲਈ 3 ਹਜ਼ਾਰ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਸਾਲਾਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤ ਕਿਰਤੀਆਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੁੱਗਣੀ ਕਰ ਦਿੱਤੀ ਗਈ। ਬਾਲੜੀ ਤੋਹਫ਼ਾ ਸਕੀਮ ਤਹਿਤ ਉਸਾਰੀ ਕਿਰਤੀ ਦੀ ਲੜਕੀ ਦੇ ਜਨਮ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਕਿਰਤੀ ਕਾਮਿਆਂ ਲਈ ਡੇਂਗੂ, ਸਵਾਈਨ ਫਲੂ ਅਤੇ ਚਿਕਨਗੁਨੀਆ ਦੀ ਬਿਮਾਰੀ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਨਰਿੰਦਰ ਸਿੰਘ ਅਤੇ ਸਹਾਇਕ ਲੇਬਰ ਕਮਿਸ਼ਨਰ ਜਤਿੰਦਰਪਾਲ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਕੰਵਰਵੀਰ ਸਿੰਘ ਸਿੱਧੂ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ, ਏਡੀਸੀ ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ ਆਦਿ ਹਾਜ਼ਰ ਸਨ।