ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਸਾਕਾ ਨੀਲਾ ਤਾਰਾ ਵੇਲੇ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ 6 ਜੂਨ ਨੂੰ ਅਕਾਲ ਤਖ਼ਤ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਜਾਵੇ।
ਇਸ ਦੌਰਾਨ 6 ਜੂਨ ਨੂੰ ਦਲ ਖ਼ਾਲਸਾ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਸਿਮਰਨਜੀਤ ਸਿੰਘ ਮਾਨ ਵੱਲੋਂ ਸਮਰਥਨ ਕੀਤਾ ਗਿਆ ਹੈ। ਅੱਜ ਸ਼ਹਿਰ ਵਿੱਚ ਪੁਲੀਸ ਵੱਲੋਂ ਫਲੈਗ ਮਾਰਚ ਵੀ ਕੀਤਾ ਗਿਆ।
ਇਸ ਦਿਹਾੜੇ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕਰਦਿਆਂ ਆਖਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਭਾਵੁਕ ਸਮੇਂ ਮੌਕੇ ਕੌਮੀ ਮੰਥਨ ਜ਼ਰੂਰੀ ਹੈ ਤਾਂ ਜੋ ਸਿੱਖ ਕੌਮ ਦਰਪੇਸ਼ ਚੁਣੌਤੀਆਂ ਦਾ ਸਾਂਝੇ ਤੌਰ ’ਤੇ ਮੁਕਾਬਲਾ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ’ਤੇ ਭੜਕਾਹਟ ਪੈਦਾ ਹੋਣ ਨਾਲ ਸਿੱਖਾਂ ਦਾ ਅਕਸ ਖ਼ਰਾਬ ਹੁੰਦਾ ਹੈ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤ ਨੂੰ 6 ਜੂਨ ਦੇ ਸ਼ਹੀਦੀ ਸਮਾਗਮ ਮੌਕੇ ਸਹਿਯੋਗ ਦੇਣ ਲਈ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ, ਕੌਮ ਦੇ ਸਾਂਝੇ ਹੁੰਦੇ ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੌਮੀ ਇੱਕਜੁਟਤਾ ਬਣੀ ਰਹਿਣੀ ਚਾਹੀਦੀ ਹੈ। ਉਨ੍ਹਾਂ ਸਾਰੀਆਂ ਗੁਰਦੁਆਰਾ ਕਮੇਟੀਆਂ ਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਗੁਰਦੁਆਰਿਆਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਜਾਵੇ।
ਇਸੇ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਤੇ ਪੁਲੀਸ-ਪ੍ਰਸ਼ਾਸਨ ਨੂੰ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਤੋਂ ਚੌਕਸ ਕਰਦਿਆਂ ਕਿਹਾ ਕਿ ਸ਼ਾਂਤੀ ਵਿਵਸਥਾ ਹਰ ਹੀਲੇ ਕਾਇਮ ਰੱਖੀ ਜਾਵੇ ਅਤੇ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਦਿੱਤਾ ਜਾਵੇ। ਇਸ ਦੌਰਾਨ ਦਲ ਖ਼ਾਲਸਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ (ਅੰਮ੍ਰਿਤਸਰ) ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।
ਉਨ੍ਹਾਂ ਆਖਿਆ ਕਿ ਜਥੇਬੰਦੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 5 ਜੂਨ ਨੂੰ ਰੋਸ ਮਾਰਚ ਅਤੇ 6 ਜੂਨ ਅੰਮ੍ਰਿਤਸਰ ਬੰਦ ਦਾ ਸੱਦਾ ਜਾਇਜ਼ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਨ ਦਲ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮੋਹਿੰਦਰਪਾਲ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਮਾਸਟਰ ਕਰਨੈਲ ਸਿੰਘ ਨਾਰੀਕੇ ਤੇ ਅਮਰੀਕ ਸਿੰਘ ਬੱਲੋਵਾਲ ਨੇ ਇਸ ਬਾਰੇ ਸਾਂਝੇ ਤੌਰ ’ਤੇ ਬਿਆਨ ਜਾਰੀ ਕੀਤਾ ਹੈ।
ਇਸ ਦੌਰਾਨ ਅੱਜ ਇੱਥੇ ਪੁਲੀਸ ਅਤੇ ਸਹਿਯੋਗੀ ਬਲਾਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਫਲੈਗ ਮਾਰਚ ਵੀ ਕੀਤਾ ਗਿਆ ਤਾਂ ਜੋ ਲੋਕਾਂ ਦਾ ਮਨੋਬਲ ਵਧਾਇਆ ਜਾ ਸਕੇ। ਪੁਲੀਸ ਵੱਲੋਂ ਘੱਲੂਘਾਰਾ ਹਫ਼ਤੇ ਦੌਰਾਨ ਹਰਿਮੰਦਰ ਸਾਹਿਬ ਤੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।