ਅੰਮ੍ਰਿਤਸਰ, ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਡਾ. ਸੰਤੋਖ ਸਿੰਘ ਵੱਲੋਂ ਦੀਵਾਨ ਦੇ ਪ੍ਰਬੰਧ ਹੇਠ ਚੱਲਦੇ ਵਿਦਿਅਕ ਅਦਾਰਿਆਂ ਵਿੱਚ ਮੁੜ ਦਾਖ਼ਲਾ ਫੀਸ ਲੈਣ ਦੇ ਰੁਝਾਨ ਨੂੰ ਬੰਦ ਕਰਨ ਲਈ ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਹ ਖੁਲਾਸਾ ਉਨ੍ਹਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਉਪਰੰਤ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਉਨ੍ਹਾਂ ਦਾ ਚੀਫ ਖਾਲਸਾ ਦੀਵਾਨ ਦੇ ਦਫਤਰ ਵਿੱਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਅੱਜ ਦੀਵਾਨ ਦੇ ਮੁੱਖ ਦਫਤਰ ਵਿੱਚ ਨਵੇਂ ਬਣੇ ਪ੍ਰਧਾਨ ਡਾ. ਸੰਤੋਖ ਸਿੰਘ ਤੇ ਮੀਤ ਪ੍ਰਧਾਨ ਸਰਬਜੀਤ ਸਿੰਘ ਦਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ ਤੇ ਹੋਰ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ।
ਉਨ੍ਹਾਂ ਸਿਰੋਪੇ ਵੀ ਭੇਟ ਕੀਤੇ ਗਏ ਅਤੇ ਨਵੇਂ ਕਾਰਜ ਲਈ ਸ਼ੁਭ ਇੱਛਾਵਾਂ ਦਿੱਤੀਆਂ ਗਈਆਂ। ਅੱਜ ਇਸ ਮੌਕੇ ਨਵੇਂ ਬਣੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਗੈਰਹਾਜ਼ਰ ਸਨ। ਰਸਮੀ ਤੌਰ ’ਤੇ ਪ੍ਰਧਾਨ ਦੇ ਅਹੁਦੇ ਦਾ ਕਾਰਜਭਾਰ ਉਹ ਇੱਕ-ਦੋ ਦਿਨਾਂ ਵਿੱਚ ਸਾਂਭਣਗੇ ਕਿਉਂਕਿ ਇਸ ਵੇਲੇ ਧਨਰਾਜ ਸਿੰਘ, ਜੋ ਕਿ ਇਸ ਚੋਣ ਤੋਂ ਪਹਿਲਾਂ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਸਨ, ਇੱਥੇ ਨਹੀਂ ਹਨ।
ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੱਲ ਕਰਦਿਆ ਡਾ. ਸੰਤੋਖ ਸਿੰਘ ਨੇ ਆਖਿਆ ਕਿ ਉਨ੍ਹਾਂ ਨੇ ਚੋਣ ਤੋਂ ਪਹਿਲਾਂ ਆਪਣੀ ਭਵਿੱਖ ਦੀ ਨੀਤੀ ਵਿੱਚ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਯਤਨ ਕਰਨਗੇ। ਦੀਵਾਨ ਦੇ ਪ੍ਰਬੰਧ ਹੇਠ ਚੱਲਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਕੋਲੋਂ ਹਰ ਵਰ੍ਹੇ ਮੁੜ ਦਾਖਲਾ ਫੀਸ ਲੈਣ ਦੇ ਰੁਝਾਨ ਨੂੰ ਬੰਦ ਕਰਨ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਇੱਕ-ਦੋ ਦਿਨਾਂ ਵਿਚ ਅਹੁਦੇਦਾਰਾਂ ਦੀ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਇਸ ਨੂੰ ਵਿਚਾਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।