ਐਸ.ਏ.ਐਸ. ਨਗਰ (ਮੁਹਾਲੀ), 6 ਜੂਨ     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਰਸਮੀ ਸ਼ੁਰੂਆਤ ਕਰਦਿਆਂ ਹਰੇਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਇੱਕ ਇੱਕ ਬੂਟਾ ਲਗਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਅਤੇ ਇਸ ਦੇ ਚੌਗਿਰਦੇ ਨੂੰ ਬਚਾਉਣ ਲਈ ਸਰਕਾਰਾਂ ਦੇ ਨਾਲ ਨਾਲ ਹਰ ਪੰਜਾਬੀ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਭਵਿੱਖ ਵਿੱਚ ਪੋਪਲਰ, ਕਿੱਕਰਾਂ, ਬੇਰੀਆਂ, ਟਾਹਲੀਆਂ, ਕਾਠੇ ਅੰਬ ਅਤੇ ਨਿੰਮ ਦੇ ਬੂਟੇ ਲਗਾਉਣ ਲਈ ਵੀ ਪ੍ਰੇਰਿਆ। ਉਹ ਇੱਥੇ  ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਵਿੱਚ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਆਈਸਰ ਦੇ ਵਿਹੜੇ ਵਿੱਚ ਚੰਦਨ ਦਾ ਬੂਟਾ ਲਗਾਇਆ।
ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਡੂੰਘਾ ਜਾਣ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਘਟਾਉਣ ਸਮੇਤ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਦੀ ਪੈਦਾਵਾਰ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਦਯੋਗਾਂ ਵੱਲੋਂ ਦਰਿਆਵਾਂ ਵਿੱਚ ਸੁੱਟੀ ਜਾਂਦੀ ਰਹਿੰਦ-ਖੂੰਹਦ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰਾਂ ਵੱਲੋਂ ਦਰਿਆਵਾਂ ਨੂੰ ਪਲੀਤ ਕੀਤੇ ਜਾਣ ’ਤੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨੂੰ ਫੌਰੀ ਰੋਕੇ ਜਾਣ ਦੀ ਲੋੜ ਹੈ।
ਮੁੱਖ ਮੰਤਰੀ ਨੇ ‘ਤੰਦਰੁਸਤ ਪੰਜਾਬ’ ਦੇ ਨਾਮ ਹੇਠ ਕਿਤਾਬਚਾ ਜਾਰੀ ਕੀਤਾ ਅਤੇ ‘ਘਰ ਘਰ ਹਰਿਆਲੀ’ ਨਾਮ ਦੀ ਮੋਬਾਈਲ ਐਪ ਵੀ ਲਾਂਚ ਕੀਤੀ। ਇਸ ਮੌਕੇ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਚੰਦਨ ਦੇ ਬੂਟੇ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਮੁਹਾਲੀ ਪ੍ਰਸ਼ਾਸਨ ਦੇ ‘ਮਿਸ਼ਨ ਗਰੀਨ ਮੁਹਾਲੀ’ ਮੁਹਿੰਮ ਦੀ ਵੀ ਰਸਮੀ ਸ਼ੁਰੂਆਤ ਕੀਤੀ। ਜਿਸ ਤਹਿਤ ਅਗਲੇ ਤਿੰਨ ਸਾਲਾਂ ਵਿੱਚ ਇੱਕ ਕਰੋੜ ਬੂਟੇ ਲਾਏ ਜਾਣਗੇ। ਇਸ ਤੋਂ ਪਹਿਲਾਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਇਸ ਰੁੱਤ ਵਿੱਚ ਜੰਗਲਾਤ ਵਿਭਾਗ ਵੱਲੋਂ 8 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਲਗਾਉਣ ਲਈ ਚੰਦਨ ਦੇ ਇੱਕ ਲੱਖ ਪੌਦੇ ਮੁਹੱਈਆ ਕਰਵਾਏ ਜਾਣਗੇ। ਵਾਤਾਵਰਨ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸ਼ੁੱਧ ਵਾਤਾਵਰਨ ਦੀ ਅਣਹੋਂਦ ਕਾਰਨ ਕੋਈ ਵੀ ਸੂਬਾ ਤਰੱਕੀ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਤਰ੍ਹਾਂ ਦਾ ਪ੍ਰਦੂਸ਼ਣ ਫੈਲ ਰਿਹਾ ਹੈ ਅਤੇ ਫੈਕਟਰੀਆਂ ਦਾ ਦੂਸ਼ਿਤ ਪਾਣੀ ਨਦੀਆਂ, ਨਾਲਿਆ ਵਿੱਚ ਪੈ ਰਿਹਾ ਹੈ। ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਨੇ ਪੰਜਾਬ ਸਰਕਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕਈ ਸੁਝਾਅ ਦਿੱਤੇ। ਸਮਾਗਮ ਨੂੰ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ. ਕੇ.ਕੇ. ਤਲਵਾੜ ਨੇ ਵੀ ਸੰਬੋਧਨ ਕੀਤਾ। ਵਾਤਾਵਰਨ ਵਿਭਾਗ ਦੇ ਸਕੱਤਰ ਰੌਸ਼ਨ ਸੁੰਕਾਰੀਆ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਮਿਸ਼ਨ ਤੰਦਰੁਸਤ ਪੰਜਾਬ’ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਐੱਸਐੱਸਪੀ ਕੁਲਦੀਪ ਸਿੰਘ ਚਾਹਲ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।