ਅੰਮ੍ਰਿਤਸਰ, 5 ਜਨਵਰੀ
ਇੰਦਰਪ੍ਰੀਤ ਸਿੰਘ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ ਪੁਲੀਸ ਨੇ ਦੋ ਔਰਤਾਂ ਸਮੇਤ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਦੋ ਔਰਤਾਂ ਵਿੱਚ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਖ਼ਿਲਾਫ਼ ਕੇਸ ਦਰਜ ਕਰਵਾਉਣ ਵਾਲੀ ਔਰਤ ਵੀ ਸ਼ਾਮਲ ਹੈ।
ਜਾਣਕਾਰੀ ਮੁਤਾਬਕ ਪੁਲੀਸ ਕੇਸ ਮ੍ਰਿਤਕ ਦੇ ਬੇਟੇ ਪ੍ਰਭਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 306 ਤੇ 120 ਬੀ ਤਹਿਤ ਦਰਜ ਕੀਤਾ ਗਿਆ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਸੁਰਜੀਤ ਸਿੰਘ, ਉਮਤ, ਕੁਲਜੀਤ ਕੌਰ, ਮਾਨਿਆ, ਦਵਿੰਦਰ ਸੰਧੂ (ਡਬਲਯੂ ਡਬਲਯੂ ਆਈ ਸੀ ਐਸ), ਇੰਦਰਪ੍ਰੀਤ ਸਿੰਘ ਅਨੰਦ, ਗੁਰਸੇਵਕ ਸਿੰਘ, ਹਰੀ ਸਿੰਘ ਸੰਧੂ, ਭਾਗ ਸਿੰਘ ਅਣਖੀ, ਨਿਰਮਲ ਸਿੰਘ, ਰਵਿੰਦਰ ਕੌਰ ਸ਼ਾਮਲ ਹਨ। ਆਪਣੀ ਸ਼ਿਕਾਇਤ ਵਿੱਚ ਪ੍ਰਭਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਦੋ ਵਜੇ ਉਸ ਦੀ ਮਾਂ ਨੇ ਜਾਣਕਾਰੀ ਦਿੱਤੀ ਸੀ ਕਿ ਉਸ ਦੇ ਪਿਤਾ ਨਾਲ ਕੋਈ ਮੰਦਭਾਗੀ ਘਟਨਾ ਵਾਪਰ ਗਈ ਹੈ ਅਤੇ ਉਹ ਏਅਰਪੋਰਟ ਰੋਡ ’ਤੇ ਇੱਕ ਹਸਪਤਾਲ ਵਿੱਚ ਹਨ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਲਈ ਨਾਮਜ਼ਦ ਕੀਤੇ ਵਿਅਕਤੀ ਹੀ ਜ਼ਿੰਮੇਵਾਰ ਹਨ। ਇਸ ਤੋਂ ਇਲਾਵਾ ਕੁਝ ਹੋਰ ਵਿਅਕਤੀ ਵੀ ਹਨ, ਜਿਨ੍ਹਾਂ ਆਪਸ ਵਿੱਚ ਰਲ ਕੇ ਸਾਜਿਸ਼ ਕੀਤੀ ਹੈ ਅਤੇ ਅਜਿਹੇ ਹਾਲਾਤ ਬਣਾਏ ਕਿ ਉਸ ਦੇ ਪਿਤਾ ਖ਼ਿਲਾਫ਼ ਝੂਠਾ ਕੇਸ ਦਰਜ ਹੋਇਆ। ਉਸ ਨੇ ਦੋਸ਼ ਲਾਇਆ ਕਿ ਇਨ੍ਹਾਂ ਸਾਰਿਆਂ ਨੇ ਹੀ ਉਨ੍ਹਾਂ ਨੂੰ ਮਰਨ ਲਈ ਮਜਬੂਰ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲੀਸ ਵੱਲੋਂ ਇਹ ਕੇਸ ਇੰਦਰਪ੍ਰੀਤ ਸਿੰਘ ਚੱਢਾ ਦੇ ਖ਼ੁਦਕੁਸ਼ੀ ਪੱਤਰਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ, ਜਿਸ ਵਿੱਚ ਨਾਮਜ਼ਦ ਵਿਅਕਤੀਆਂ ਦੇ ਨਾਵਾਂ ਦੇ ਜ਼ਿਕਰ ਸ਼ਾਮਲ ਹਨ। ਨਾਮਜ਼ਦ ਵਿਅਕਤੀਆਂ ਵਿੱਚ ਤਿੰਨ ਵਿਅਕਤੀ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚ ਭਾਗ ਸਿੰਘ ਅਣਖੀ, ਨਿਰਮਲ ਸਿੰਘ ਤੇ ਹਰੀ ਸਿੰਘ ਸ਼ਾਮਲ ਹਨ।
ਚਰਨਜੀਤ ਚੱਢਾ ਨੂੰ ਅੰਤਰਿਮ ਰਾਹਤ
ਅਦਾਲਤ ਨੇ ਚਰਨਜੀਤ ਸਿੰਘ ਚੱਢਾ ਨੂੰ ਆਪਣੇ ਬੇਟੇ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਮੰਗੀ ਗਈ ਅੰਤ੍ਰਿਮ ਰਾਹਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅੰਤ੍ਰਿਮ ਰਾਹਤ ਦਸ ਜਨਵਰੀ ਤੱਕ ਦਿੱਤੀ ਗਈ ਹੈ, ਜਿਸ ਤਹਿਤ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਵੱਲੋਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ ਦੀ ਸੁਣਵਾਈ ਵੀ ਦਸ ਜਨਵਰੀ ਨੂੰ ਹੋਵੇਗੀ।