ਅੰਮ੍ਰਿਤਸਰ, ਚੱਢਾ ਮਾਮਲੇ ਵਿੱਚ ਪੁਲੀਸ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਨੌਂ ਮੁਲਜ਼ਮਾਂ ਵਿੱਚੋਂ ਅੱਠ ਨੂੰ ਅੱਜ ਪੁਲੀਸ ਵੱਲੋਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਇਨ੍ਹਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ।
ਪੁਲੀਸ ਵੱਲੋਂ ਅੱਜ ਜਿਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਨ੍ਹਾਂ ਵਿੱਚ ਹਰਜੀਤ ਸਿੰਘ ਚੱਢਾ, ਮਹਿਲਾ ਪ੍ਰਿੰਸੀਪਲ ਤੇ ਉਸ ਦਾ ਪਤੀ, ਸੁਰਜੀਤ ਸਿੰਘ, ਵਿਜੈ ਉਮਤ, ਦਵਿੰਦਰ ਸੰਧੂ, ਇੰਦਰਪ੍ਰੀਤ ਸਿੰਘ ਅਨੰਦ ਅਤੇ ਇੱਕ ਹੋਰ ਮਹਿਲਾ ਕੇ. ਘੁੰਮਣ ਸ਼ਾਮਲ ਹਨ। ਇਨ੍ਹਾਂ ਨੂੰ ਬੀਤੇ ਦਿਨ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਪੁਲੀਸ ਹਵਾਲੇ ਕੀਤਾ ਗਿਆ ਸੀ। ਅੱਜ ਸ਼ਾਮ ਨੂੰ ਪੁਲੀਸ ਵੱਲੋਂ ਇਨ੍ਹਾਂ ਅੱਠ ਮੁਲਜ਼ਮਾਂ ਨੂੰ ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਪੁਲੀਸ ਨੇ ਦਾਅਵਾ ਕੀਤਾ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਅਤੇ ਸਬੰਧਤ ਮਾਮਲੇ ਨਾਲ ਜੁੜੇ ਹੋਏ ਕਈ ਸਬੂਤ ਪ੍ਰਾਪਤ ਕਰਨ ਦੀ ਲੋੜ ਹੈ। ਇਸ ਲਈ ਪੁਲੀਸ ਰਿਮਾਂਡ ਦਿੱਤਾ ਜਾਵੇ । ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦਾ ਪੱਖ ਸੁਣਨ ਮਗਰੋਂ ਮੁਲਜ਼ਮਾਂ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ।
ਦੱਸਣਯੋਗ ਹੈ ਕਿ ਚੀਫ ਖਾਲਸਾ ਦੀਵਾਨ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡਿਓ ਵਾਇਰਲ ਹੋਣ ਮਗਰੋਂ ਵੀਡਿਓ ਵਿੱਚ ਦਿਖਾਈ ਦਿੰਦੀ ਔਰਤ ਵੱਲੋਂ ਚਰਨਜੀਤ ਸਿੰਘ ਚੱਢਾ ਤੇ ਉਸ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਖ਼ਿਲਾਫ਼ ਸ਼ੋਸ਼ਣ ਅਤੇ ਡਰਾਉਣ ਧਮਕਾਉਣ ਦੀ ਸ਼ਿਕਾਇਤ ਦਾਇਰ ਕੀਤੀ ਸੀ। ਜਿਸ ਵਿੱਚ ਪੁਲੀਸ ਨੇ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਇਸ ਦੌਰਾਨ ਤਿੰਨ ਜਨਵਰੀ ਨੂੰ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।