ਮੰਡੀ ਅਹਿਮਦਗੜ੍ਹ, ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਿਹਾ ਕਿ ਲੋਕਾਂ ਨੇ ਗੁੰਮਰਾਹ ਹੋ ਕੇ ਕਾਂਗਰਸ ਨੂੰ ਵੋਟਾਂ ਪਾਈਆਂ ਹਨ।
ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦਾ ਸਰਕਾਰ ’ਤੇ ਕੋਈ ਕੰਟਰੋਲ ਨਹੀਂ ਹੈ ਅਤੇ ਨਾ ਹੀ ਉਹ ਪ੍ਰਕਾਸ਼ ਸਿੰਘ ਬਾਦਲ ਵਾਂਗ ਦਿਨ-ਰਾਤ ਲੋਕ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਦੇ ਸਾਰ ਹੀ ਖ਼ਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਹੋਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਭ ਤੋਂ ਮਾੜੀ ਗੱਲ ਹੈ ਕਿ ਕਾਂਗਰਸ ਨੇ ਬਾਦਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ। ਸ੍ਰੀ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੇ ‘ਜਬਰ’ ਦਾ ਟਾਕਰਾ ਕਰਨ ਦੀ ਹੱਲਾਸ਼ੇਰੀ ਦਿੱਤੀ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਦਲ ਸਰਕਾਰ ਦੀ ਕਾਰਗੁਜ਼ਾਰੀ ਹੁਣ ਤੱਕ ਦੀਆਂ ਸਰਕਾਰਾਂ ’ਚੋਂ ਬਿਹਤਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਅਤੇ ਕਾਂਗਰਸ ਦੀ ਮਿਲੀਭੁਗਤ ਕਾਰਨ ਹੀ ਇਨ੍ਹਾਂ ਨੇ ਰਾਸ਼ਟਰਪਤੀ ਚੋਣ ਵੇਲੇ ਰਲ-ਮਿਲ ਕੇ ਇੱਕੋ ਉਮੀਦਵਾਰ ਨੂੰ ਵੋਟਾਂ ਪਾਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਿੱਲੀ ਦੇ ਜਨਰਲ ਸਕੱਤਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਵੀ ਸੰਬੋਧਨ ਕੀਤਾ। ਕਾਨਫਰੰਸ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਤੇ ਹੀਰਾ ਸਿੰਘ ਗਾਬੜੀਆ ਆਦਿ ਹਾਜ਼ਰ ਸਨ।