ਗੁਰਦਾਸਪੁਰ, 26 ਸਤੰਬਰ
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਾਲੰਟੀਅਰਾਂ ਦੀ ਮੀਟਿੰਗ ਵਿੱਚ  ਲੋਕ ਸਭਾ ਮੈਂਬਰ ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਕਿਹਾ ਕਿ ਲੋਕ ਸਭਾ ਚੋਣ ਦੀ ਤੁਲਨਾ ਪਿਛਲੀ ਵਿਧਾਨ ਸਭਾ ਚੋਣ ਨਾਲ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਪਿਛਲੇ ਛੇ ਮਹੀਨਿਆਂ ਦੌਰਾਨ ਪੰਜਾਬ ਦੇ ਲੋਕਾਂ ਦੀ ਸੋਚ ਅਤੇ ਸਮਝ ਵਿੱਚ ਵੱਡਾ ਬਦਲਾਅ ਆਇਆ ਹੈ। ਅਜਿਹਾ ਪਹਿਲੀ ਵਾਰ ਹੈ ਕਿ ਛੇ ਮਹੀਨੇ ਪਹਿਲਾਂ ਚੁਣੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਭਾਜਪਾ ਤੇ ਅਕਾਲੀ ਦਲ ਗਠਜੋੜ ਦੇ 10 ਸਾਲਾਂ ਦੇ ਮਾਫ਼ੀਆ ਰਾਜ ਨੂੰ ਕਈ ਦਹਾਕਿਆਂ ਤੱਕ ਭੁੱਲ ਨਹੀਂ ਸਕਦੇ। ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ।
ਸ੍ਰੀ ਖਹਿਰਾ ਨੇ ਕਿਹਾ ਕਿ ‘ਆਪ’ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਦਾ ਕਾਂਗਰਸ ਤੇ ਭਾਜਪਾ ਕੋਲ  ਕੋਈ ਤੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਉਮੀਦਵਾਰ ਮੌਕਾਪ੍ਰਸਤ ਅਤੇ ਪੈਰਾਸ਼ੂਟਰ ਹਨ, ਜਿਨ੍ਹਾਂ ਦਾ ਪਠਾਨਕੋਟ ਅਤੇ ਗੁਰਦਾਸਪੁਰ ਦੀ ਜਨਤਾ ਦੀਆਂ ਮੁਸ਼ਕਲਾਂ ਅਤੇ ਮੁੱਦਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।