ਸੂਬਾ ਪੱਧਰੀ ਸਮਾਰੋਹ ਦੌਰਾਨ ਕੈਪਟਨ ਨੇ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ;

ਗੁਰਦਾਸਪੁਰ ਲਈ ਮੈਡੀਕਲ ਕਾਲਜ ਤੇ ਬਟਾਲਾ ਲਈ ਨਵੀਂ ਖੰਡ ਮਿੱਲ ਦਾ ਐਲਾਨ

ਗੁਰਦਾਸਪੁਰ, 6 ਅਪਰੈਲ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ ਮੁਆਫ਼ੀ ਲਈ ਅੱਜ ਇਥੇ ਪੁੱਡਾ ਗਰਾਊਂਡ ਵਿਖੇ  ਸੂਬਾ ਪੱਧਰੀ ‘ਕਰਜ਼ਾ ਮੁਆਫ਼ੀ’ ਸਮਾਰੋਹ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਗੁਰਦਾਸਪੁਰ ਸਮੇਤ ਛੇ ਜ਼ਿਲ੍ਹਿਆਂ ਦੇ 26998 ਕਿਸਾਨਾਂ ਨੂੁੰ 156.12 ਕਰੋੜ ਰੁਪਏ ਦੇ ਕਰਜ਼ ਰਾਹਤ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਗੁਰਦਾਸਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਅਤੇ ਬਟਾਲਾ ਵਿਖੇ ਨਵੀਂ ਖੰਡ ਮਿੱਲ ਲਾਉਣ ਅਤੇ ਪਨਿਆੜ ਖੰਡ ਮਿੱਲ ਨੂੰ ਅਪਗ੍ਰੇਡ ਕਰਨ ਸਮੇਤ ਸਰਹੱਦੀ ਇਲਾਕੇ ਲਈ ਕਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ।
ਇਸ ਮੌਕੇ ਗੁਰਦਾਸਪੁਰ ਤੋਂ ਇਲਾਵਾ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਜ਼ਿਲ੍ਹਾ ਸ਼ਹੀਦ ਭਗਤ  ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਇੱਕ ਇੱਕ ਕਿਸਾਨ ਨੂੰ ਕਰਜ਼ਾ ਮੁਆਫ਼ੀ ਵਾਲੇ ਸਰਟੀਫਿਕੇਟ  ਸੌਂਪੇ ਗਏ। ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ ਦੇ ਕਰੀਬ 1.02 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਕਰਜ਼ਿਆਂ ਦੇ ਨਿਬੇੜੇ ਪਿੱਛੋਂ ਜਲਦ ਹੀ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੇ ਵਿੱਤੀ ਸੰਕਟ ਦੇ ਬਾਵਜੂਦ ਕਿਸਾਨਾਂ ਨੂੰ ਦੇਸ਼ ਵਿੱਚੋਂ ਸਭ ਤੋਂ ਵੱਧ ਦੋ ਲੱਖ ਰੁਪਏ ਤੱਕ ਕਰਜ਼ ਰਾਹਤ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੂੰ ਗੁਰਦਾਸਪੁਰ ਵਿੱਚ ਤਜਵੀਜ਼ਤ ਮੈਡੀਕਲ ਕਾਲਜ ਲਈ ਸਥਾਨਕ ਵਿਧਾਇਕ ਨਾਲ ਸਲਾਹ ਕਰ ਕੇ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਲਈ ਆਖਿਆ ਗਿਆ ਹੈ। ਸ੍ਰੀ ਜਾਖੜ ਨੇ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਲੰਗਰ ’ਤੇ ਲੱਗੇ ਜੀਐਸਟੀ ਅਤੇ ਇਰਾਕ ਵਿਚ ਮਾਰੇ ਗਏ ਪੰਜਾਬੀਆਂ ਲਈ ਮੁਆਵਜ਼ਾ ਦੇਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਐਸਸੀ ਵਰਗ ਦੇ ਹਿੱਤਾਂ ਦੀ ਰਾਖੀ ਵਿਚ ਨਾਕਾਮ ਰਹੀ ਹੈ ਤੇ ਅਕਾਲੀਆਂ ਨੇ ਹਮੇਸ਼ਾ ਝੂਠੇ ਵਾਅਦਿਆਂ ਨਾਲ ਕਿਸਾਨਾਂ ਦਾ ਸ਼ੋਸ਼ਣ ਕੀਤਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾ ਕਿਸਾਨੀ ਦੇ ਨਾਂ ’ਤੇ ਸਿਆਸੀ ਰੋਟੀਆਂ ਸੇਕੀਆਂ ਹਨ ਤੇ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਦੋਸ਼ ਲਾਇਆ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿਚ ਸੂਬੇ ਨੂੰ ਪੂਰੀ ਤਰਾਂ ਲੁੱਟਿਆ ਤੇ ਕੁੱਟਿਆ ਹੈ ਤੇ ਆਪਣੇ ਵਿਕਾਸ ਲਈ ਰਾਜਨੀਤੀ ਕੀਤੀ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਫਤਿਹਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਅਰੁਣ ਡੋਗਰਾ, ਸੁੰਦਰ ਸ਼ਾਮ ਅਰੋੜਾ, ਡਾ. ਰਾਜ ਕੁਮਾਰ ਚੱਬੇਵਾਲ, ਰਜਨੀਸ਼ ਕੁਮਾਰ ਬੱਬੀ, ਸੰਗਤ ਸਿੰਘ ਗਿਲਜੀਆਂ, ਹਰਪ੍ਰਤਾਪ ਸਿੰਘ ਅਜਨਾਲਾ, ਰਾਜ ਕੁਮਾਰ ਵੇਰਕਾ, ਤਰਸੇਮ ਸਿੰਘ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਧਰਮਵੀਰ ਅਗਨੀਹੋਤਰੀ, ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਗੁਰਚੇਤ ਸਿੰਘ ਭੁੱਲਰ, ਕਾਂਗਰਸ ਦ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ, ਚੇਅਰਮੈਨ ਗੁਰਮੀਤ ਸਿੰਘ ਪਾਹੜਾ ਆਦਿ ਵੀ ਹਾਜ਼ਰ ਸਨ।