ਫਤਹਿਗੜ੍ਹ ਸਾਹਿਬ, 26 ਦਸੰਬਰ
ਸਰਬੰਸਦਾਨੀ ਸਾਹਿਬ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਅੱਜ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸ਼ੁਰੂ ਹੋਣ ਨਾਲ ਆਰੰਭ ਹੋ ਗਈ। ਉਂਜ ਭਾਰੀ ਗਿਣਤੀ ਵਿੱਚ ਸੰਗਤ ਪਿਛਲੇ ਇਕ ਹਫ਼ਤੇ ਤੋਂ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਸ਼ਹੀਦੀ ਸਭਾ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਅੰਡੇਮਾਨ ਤੇ ਨਿਕੋਬਾਰ ਦੇ ਸਾਬਕਾ ਲੈਫ਼ਟੀਨੈਂਟ ਗਵਰਨਰ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਭੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਇਥੇ ਪੁੱਜੇ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਫਤਿਹਗੜ੍ਹ ਸਾਹਿਬ ਗੁਰਦੁਆਰੇ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ। ਇਸ ਮਗਰੋਂ ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਸਾਹਿਬ-ਏ-ਕਮਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨ੍ਹਾਂ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫ਼ਤਹਿ ਸਿੰਘ (7 ਸਾਲ) ਨੇ ਜਿਸ ਬਹਾਦਰੀ ਨਾਲ ਜ਼ਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ, ਨਿਡਰਤਾ ਤੇ ਦ੍ਰਿੜ੍ਹਤਾ ਨਾਲ ਧਰਮ ’ਤੇ ਅਡੋਲ ਰਹੇ ਅਤੇ ਸ਼ਹਾਦਤ ਦੇ ਕੇ ਸਮੁੱਚੀ ਦੁਨੀਆ ਲਈ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਜੋ ਰਹਿੰਦੀ ਦੁਨੀਆ ਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ, ਫਤਹਿਗੜ੍ਹ ਸਾਹਿਬ ਦੇ ਐਸਡੀਐਮ ਅਮਰਿੰਦਰ ਸਿੰਘ ਟਿਵਾਣਾ, ਬਸੀ ਪਠਾਣਾ ਦੇ ਐਸਡੀਐਮ ਮਨਜੀਤ ਸਿੰਘ ਚੀਮਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।