ਚੰਡੀਗੜ੍ਹ, 21 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਨੂੰ ਪੰਜਾਬ ਦਾ ਲੋਕਪਾਲ ਲਾਉਣ ਤੋਂ ਰੋਕਣ ਲਈ ਅਕਾਲੀ ਦਲ ਪੰਜਾਬ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ ਤੱਕ ਪਹੁੰਚ ਕਰੇਗਾ। ਉਨ੍ਹਾਂ ਕਿਹਾ ਕਿ ਜਸਟਿਸ ਗਿੱਲ ਇੱਕ ਕਾਂਗਰਸੀ ਵਰਕਰ ਅਤੇ ਅਕਾਲੀ ਵਿਰੋਧੀ ਵਜੋਂ ਮਸ਼ਹੂਰ ਹਨ, ਜਿਸ ਕਰਕੇ ਉਸ ਕੋਲੋਂ ਆਪਣੀ ਡਿਊਟੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਏ ਜਾਣ ਦੀ ਉਮੀਦ ਨਹੀਂ ਰੱਖੀ ਜਾ ਸਕਦੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਦਾ ਨਾਂ ਲੋਕਪਾਲ ਵਜੋਂ ਨਿਯੁਕਤੀ ਲਈ ਚੀਫ ਜਸਟਿਸ ਨੂੰ ਭੇਜਿਆ ਗਿਆ ਹੈ ਤੇ ਅਕਾਲੀ ਦਲ ਇਸ ਮੁੱਦੇ ਉੱਤੇ ਇੱਕ ਰਿਪੋਰਟ ਚੀਫ ਜਸਟਿਸ ਨੂੰ ਸੌਂਪੇਗਾ ਅਤੇ ਇਸ ਪ੍ਰਸਤਾਵ ਨੂੰ ਤੁਰੰਤ ਰੱਦ ਕਰਨ ਦੀ ਬੇਨਤੀ ਕਰੇਗਾ। ਉਨ੍ਹਾਂ ਕਿਹਾ ਕਿ ਲੋਕਪਾਲ ਦੀ ਨਿਯੁਕਤੀ ਨੂੰ ਕਥਿਤ ਸੌਦੇਬਾਜ਼ੀ ਵਾਲਾ ਪ੍ਰਬੰਧ ਨਹੀਂ ਬਣਾਇਆ ਜਾ ਸਕਦਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਟਿਸ ਐੱਮਐੱਸ ਗਿੱਲ ਦੀ ਮੁੱਖ ਮੰਤਰੀ ਨਾਲ ਬਹੁਤ ਪੁਰਾਣੀ ਨੇੜਤਾ ਹੈ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਮਰਿੰਦਰ ਨੇ ਜਸਟਿਸ ਗਿੱਲ ਨੂੰ ਇੱਕ ਕਮੇਟੀ ਦਾ ਮੈਂਬਰ ਬਣਾ ਕੇ ਕਾਂਗਰਸੀ ਚੋਣ ਮੁਹਿੰਮ ਉੱਤੇ ਲਾਇਆ ਸੀ ਤੇ 2017 ਵਿਚ ਮੁੱਖ ਮੰਤਰੀ ਵਜੋਂ ਸੱਤਾ ਸੰਭਾਲਦੇ ਹੀ ਕੈਪਟਨ ਅਮਰਿੰਦਰ ਨੇ ਜਸਟਿਸ ਗਿੱਲ ਨੂੰ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕਥਿਤ ਦਰਜ ਹੋਏ ਝੂਠੇ ਕੇਸਾਂ ਦੀ ਪੜਤਾਲ ਲਈ ਬਣਾਏ ਜਾਂਚ ਕਮਿਸ਼ਨ ਦਾ ਮੁਖੀ ਨਿਯੁਕਤ ਕਰ ਦਿੱਤਾ ਸੀ।
ਜਸਟਿਸ (ਸੇਵਾਮੁਕਤ) ਗਿੱਲ ਦੀ ਲੋਕਪਾਲ ਵਜੋਂ ਉਮੀਦਵਾਰੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਚੀਫ ਜਸਟਿਸ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਗੈਰ ਸਿਆਸੀ ਵਿਅਕਤੀ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।