ਸੰਗਰੂਰ — ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਮੀਡੀਆ ਨਾਲ ਮਿਲਣੀ ਦੌਰਾਨ ਬਰਗਾੜੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਸਬੰਧੀ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਭਾਵੇਂ ਪੰਜਾਬ ਵਿਧਾਨ ਸਭਾ ਵਿਚ ਬੜੀ ਲੰਮੀ ਬਹਿਸ ਚੱਲੀ ਪਰ ਜਦੋਂ ਸਰਕਾਰ ਨੇ ਇਸ ਰਿਪੋਰਟ ‘ਤੇ ਅਜੇ ਤੱਕ ਐੱਫ. ਆਈ. ਆਰ. ਹੀ ਦਰਜ ਨਹੀਂ ਕਰਵਾਈ ਤਾਂ ਕਾਰਵਾਈ ਸ਼ੱਕ ਦੇ ਘੇਰੇ ‘ਚ ਆ ਜਾਂਦੀ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸੰਗਰੂਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਆਸ ਸੀ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਲੰਮੀ ਚੱਲੀ ਬਹਿਸ ਅਤੇ ਕਾਂਗਰਸੀ ਮੰਤਰੀ ਤੇ ਵਿਧਾਇਕਾਂ ਵੱਲੋਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਤੋਂ ਬਾਅਦ ਕੋਈ ਐਲਾਨ ਕਰਨਗੇ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਜਿਸ ਅੰਦਾਜ਼ ‘ਚ ਬੋਲ ਰਹੇ ਸਨ, ਚਾਹੀਦਾ ਸੀ ਕਿ ਐਲਾਨ ਕਰਦੇ ਕਿ ਇਸ ਮਾਮਲੇ ਦੀ ਸੁਣਵਾਈ ਸਪੈਸ਼ਲ ਅਦਾਲਤ ਕਰੇਗੀ ਅਤੇ 3 ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਹੋਵੇਗਾ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਉਡੀਕ ਕਰੇਗੀ ਨਹੀਂ ਸਗੋਂ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਸਰਕਾਰ ਵਿਰੁੱਧ ਰੋਸ ਜ਼ਾਹਰ ਕਰੇਗੀ।