ਚੰਡੀਗੜ੍ਹ : ਪੰਜਾਬ ‘ਚ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਦੇ ਮੱਦੇਨਜ਼ਰ, ਕਾਂਗਰਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ।

ਆਪਣੀ ਪਟੀਸ਼ਨ ਵਿੱਚ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਮਾਮਲੇ ਦੀ ਸੁਣਵਾਈ 8 ਦਸੰਬਰ ਨੂੰ ਹੋਣੀ ਹੈ। ਇਹ ਪਟੀਸ਼ਨ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਇਰ ਕੀਤੀ ਹੈ।

ਦੱਸ ਦਈਏ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 4 ਦਸੰਬਰ ਨਿਰਧਾਰਤ ਕੀਤੀ ਗਈ ਸੀ। ਪਰ ਕਈ ਉਮੀਦਵਾਰਾਂ ਅਤੇ ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਰੋਕਿਆ ਗਿਆ, ਕਈ ਨਾਮਜ਼ਦਗੀ ਕੇਂਦਰਾਂ ‘ਤੇ ਦਾਖਲੇ ਨੂੰ ਵੀ ਰੋਕਿਆ ਗਿਆ ਅਤੇ ਕੁਝ ਥਾਵਾਂ ‘ਤੇ ਪੁਲਿਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਉਮੀਦਵਾਰਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ। ਪਟੀਸ਼ਨ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਬਾਅਦ ਦੁਪਹਿਰ 3:00 ਵਜੇ ਤੱਕ ਹੈ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਗਿਣਤੀ ਕੇਂਦਰਾਂ `ਤੇ ਹੋਵੇਗੀ।