ਗੁਰਦਾਸਪੁਰ, 5 ਜਨਵਰੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਦਿੱਲੀ ’ਚ ਕੇਂਦਰੀ ਉਦਯੋਗ ਤੇ ਕਾਮਰਸ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ’ਚ ਉਦਯੋਗਿਕ ਇਕਾਈਆਂ ਸਥਾਪਿਤ ਕੀਤੇ ਜਾਣ ਦੀ ਸੰਭਾਵਨਾ ਤੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ’ਚ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਣ ਦੀ ਮੰਗ ਕੀਤੀ। ਸ੍ਰੀ ਜਾਖੜ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਸੂਬੇ ’ਚ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਸਨਅਤ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਸਰਹੱਦ ਦੇ 30 ਕਿਲੋਮੀਟਰ ਦੇ ਘੇਰੇ ਵਿੱਚ ਸਨਅਤਾਂ ਲਈ ਵਧੇਰੇ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਸੰਸਦ ਮੈਂਬਰ ਨੇ ਕੇਂਦਰੀ ਉਦਯੋਗ ਮੰਤਰੀ ਤੋਂ ਕਪੂਰਥਲਾ ਦੀ ਰੇਲ ਕੋਚ ਫੈਕਟਰੀ ਅਤੇ ਪਟਿਆਲਾ ’ਚ ਰੇਲ ਡੀਜ਼ਲ ਇੰਜਨ ਕਾਰਖਾਨਿਆਂ ਨੂੰ ਅੱਪਗ੍ਰੇਡ ਕਰਨ ਦੀ ਵੀ ਮੰਗ ਕੀਤੀ। ਸ੍ਰੀ ਜਾਖੜ ਨੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਪਾਹ ਸਨਅਤ ਨੂੰ ਜੀਐੱਸਟੀ ਤੋਂ ਛੋਟ ਦੇਣ ਦੀ ਵੀ ਮੰਗ ਕੀਤੀ।