ਸ੍ਰੀ ਆਨੰਦਪੁਰ ਸਾਹਿਬ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਜਾਤਾਂ ਦੇ ਆਧਾਰ ’ਤੇ ਬਣ ਰਹੇ ਗੁਰਦੁਆਰੇ ਸਿੱਖੀ ਸਿਧਾਤਾਂ ਤੋਂ ਉਲਟ ਹਨ ਤੇ ਅਜਿਹੇ ਗੁਰਦੁਆਰਿਆਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।
ਇੱਥੇ ਗੁਰਦੁਆਰਾ ਤਪ ਅਸਥਾਨ ਵਿਖੇ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਾਈ ਜੈਤਾ ਜੀ ਕੌਮ ਦੇ ਮਹਾਨ ਜਰਨੈਲ ਹੋਏ, ਜਿਨ੍ਹਾਂ ਨੇ ਬਿਖੜੇ ਸਮੇਂ ਵੀ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਫਰਜ਼ ਨਿਭਾ ਕੇ ਕੌਮ ਨੂੰ ਰਸਤਾ ਦਿਖਾਇਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਾਤ-ਪਾਤ ਨਾਲ ਮਨੁੱਖਤਾ ਵਿੱਚ ਵੰਡੀਆਂ ਪੈਂਦੀਆਂ ਹਨ ਤੇ ਸਿੱਖ ਧਰਮ ਵਿੱਚ ਇਸ ਦੀ ਕੋਈ ਥਾਂ ਨਹੀਂ ਹੈ। ਡੇਰਾ ਸਿਰਸਾ ਦੇ ਸ਼ਰਧਾਲੂਆਂ ਬਾਰੇ ਪੁੱਛਣ ’ਤੇ ਜਥੇਦਾਰ ਨੇ ਕਿਹਾ ਕਿ ਗੁਰੂ ਨਾਨਕ ਦਾ ਦਰ ਹਰ ਕਿਸੇ ਲਈ ਖੁੱਲ੍ਹਾ ਹੈ। ਇੱਕ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਰਵਾਇਤੀ ਸ਼ਸਤਰ, ਲੰਗਰਾਂ ਲਈ ਆਟੇ, ਘਿਓ ਤੇ ਸਿਰੋਪਾਓ ਆਦਿ ਦੀਆਂ ਮਿੱਲਾਂ ਤੇ ਕਾਰਖਾਨੇ ਲਾਵੇ ਤਾਂ ਇਸ ਨਾਲ ਜਿੱਥੇ ਕਮੇਟੀ ਨੂੰ ਫਾਇਦਾ ਹੋਵੇਗਾ, ਉਥੇ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਰੰਘਰੇਟੇ, ਸਿਕਲੀਗਰ ਤੇ ਹੋਰ ਸਿੱਖ ਕੌਮ ਦੇ ਅਹਿਮ ਅੰਗ ਹਨ, ਜਿਨ੍ਹਾਂ ਨੂੰ ਗਲੇ ਲਾਉਣਾ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਸਿੱਖ ਜਥੇਬੰਦੀਆਂ ਦੀ ਜ਼ਿੰਮੇਵਾਰੀ ਹੈ।
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਸਫ਼ਲਤਾਪੂਰਬਕ ਚਲਾਈ ਜਾ ਰਹੀ ਹੈ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਤੀਰਥ ਸਿੰਘ, ਬਾਬਾ ਅਮਨਦੀਪ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।