ਐਸ.ਏ.ਐਸ. ਨਗਰ (ਮੁਹਾਲੀ), 20 ਦਸੰਬਰ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਪੰਜਾਬ ਵਿੱਚ ਪਿੱਛੇ ਜਿਹੇ ਵਾਪਰੀਆਂ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤਾਂ ਵਿੱਚ ਨਾਮਜ਼ਦ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਖੰਨਾ ਪੁਲੀਸ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਆਂਸਲ ਬੇਰੀ ਨੇ ਮੁਲਜ਼ਮ ਦਾ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ ਹੈ। ਜੱਗੀ ਜੌਹਲ ਖ਼ਿਲਾਫ਼ ਕਤਲ ਦੀਆਂ ਵਾਰਦਾਤਾਂ ਲਈ ਮੁਲਜ਼ਮਾਂ ਨੂੰ ਫੰਡਿੰਗ ਕਰਨ ਦਾ ਦੋਸ਼ ਹੈ। ਉਸ ਨੂੰ ਖੰਨਾ ਵਿੱਚ ਸ਼ਿਵ ਸੈਨਾ ਪੰਜਾਬ ਦੇ ਆਗੂ ਦੁਰਗਾ ਦਾਸ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਐਨਆਈਏ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਹਿੰਦੂ ਆਗੂਆਂ ਦੇ ਕਤਲ ਮਾਮਲਿਆਂ ਦੀ ਐਨਆਈਏ ਵੱਖਰੇ ਤੌਰ ’ਤੇ ਜਾਂਚ ਕਰ ਰਹੀ ਹੈ।
ਐਨਆਈਏ ਦੇ ਵਕੀਲ ਅਤੇ ਜਾਂਚ ਅਧਿਕਾਰੀਆਂ ਨੇ ਜਗਤਾਰ ਜੱਗੀ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪੰਜਾਬ ਵਿੱਚ ਕਈ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿੱਚ ਜੱਗੀ ਜੌਹਲ ਦੀ ਸ਼ੱਕੀ ਭੂਮਿਕਾ ਬਾਰੇ ਜਾਂਚ ਕਰਨੀ ਹੈ। ਉਧਰ, ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਨੇ ਐਨਆਈਏ ਦੀ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਜਗਤਾਰ ਜੱਗੀ ਵਿਰੁੱਧ ਜਿੰਨੇ ਵੀ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਸਿਰਫ਼ ਦੋਸ਼ ਹੀ ਲਗਾਏ ਗਏ ਹਨ। ਹੁਣ ਤੱਕ ਜੱਗੀ ਜੌਹਲ ਖ਼ਿਲਾਫ਼ ਕਿਸੇ ਕੋਲ ਕੋਈ ਵੀ ਸਬੂਤ ਨਹੀਂ ਹੈ ਅਤੇ ਨਾ ਹੀ ਕੋਈ ਵਿਸ਼ੇਸ਼ ਜਾਂਚ ਏਜੰਸੀ ਅਦਾਲਤਾਂ ਵਿੱਚ ਜਾਂ ਜਨਤਕ ਤੌਰ ’ਤੇ ਠੋਸ ਸਬੂਤਾਂ ਬਾਰੇ ਦੱਸ ਸਕੀ ਹੈ। ਉਂਜ ਵੀ ਪਿਛਲੇ 45 ਦਿਨਾਂ ਤੋਂ ਜੱਗੀ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਜਾਂਚ ਏਜੰਸੀਆਂ ਵੱਲੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਜੱਗੀ ਜੌਹਲ ਨੂੰ 3 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।