ਚੰਡੀਗੜ, 26 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਦੀ ਆਲੋਚਨਾ ਕਰਦਿਆਂ ਖੇਤੀਬਾੜੀ ਟਿਊਬਵੈਲਾਂ ਉੱਤੇ ਮੀਟਰ ਲਾਉਣ ਤੋਂ ਸਪਸ਼ਟ ਇਨਕਾਰ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਖੇਤੀ ਸੈਕਟਰ ਲਈ ਬਿਜਲੀ ਉੱਤੇ ਸਬਸਿਡੀ ਜਾਰੀ ਰਹੇਗੀ। ਸਬਸਿਡੀ ਨੂੰ ਖਤਮ ਕਰਨ ਜਾਂ ਟਿਊਬਵੈਲਾਂ ਉੱਤੇ ਮੀਟਰ ਲਾਉਣ ਦਾ ਕੋਈ ਸਵਾਲ ਨਹੀਂ ਉਠਦਾ।
ਕੈਪਟਨ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੇ ਟਿਊਬਵੈੱਲਾਂ ’ਤੇ ਮੀਟਰ ਲਾਉਣ ਦੀਆਂ ਅਫਵਾਹਾਂ ਫੈਲਾਈਆਂ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਮੰਡੀ ਗੋਬਿੰਦਗੜ੍ਹ ਵਿੱਚ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਕੇਂਦਰੀ ਸਟੀਲ ਮੰਤਰੀ ਚੌਧਰੀ ਬਿਰੇਂਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਬਾਰੇ 30 ਮਈ ਨੂੰ ਕੀਤੀ ਬੇਨਤੀ ’ਤੇ ਗੌਰ ਕਰਨ ਲਈ ਆਖਿਆ ਹੈ।
ਇਸੇ ਦੌਰਾਨ ਅਮਰਿੰਦਰ ਸਿੰਘ ਨੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ.ਐਸ.ਟੀ. ਹੇਠ ਖੇਤੀਬਾੜੀ ਨਾਲ ਸਬੰਧਤ ਵਸਤਾਂ ’ਤੇ ਲਾਈਆਂ ਟੈਕਸ ਦਰਾਂ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਤੁਪਕਾ ਸਿੰਜਾਈ ਦੇ ਸਾਜ਼ੋ-ਸਾਮਾਨ ਸਣੇ ਖੇਤੀਬਾੜੀ ਵਸਤਾਂ ਉੱਪਰ ਜੀ.ਐਸ.ਟੀ. ਹੇਠ ਵਧਾਈਆਂ ਟੈਕਸ ਦਰਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।