ਫ਼ਿਰੋਜ਼ਪੁਰ, 24 ਅਗਸਤ
ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਨੇ ਅੱਜ ਇਥੇ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਪੁਲੀਸ ਤੇ ਸਿਵਲ ਅਧਿਕਾਰੀਆਂ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਸਬੰਧੀ ਅਹਿਮ ਮੀਟਿੰਗ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫ਼ੈਸਲੇ ਮਗਰੋਂ ਹਰ ਤਰ੍ਹਾਂ ਦੇ ਹਾਲਾਤ ਨਾਲ ਸਿੱਝਣ ਲਈ ਪੁਲੀਸ, ਨੀਮ ਫ਼ੌਜੀ ਦਸਤੇ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਉਨ੍ਹਾਂ ਨਾਲ ਡੀਜੀਪੀ ਲਾਅ ਐਂਡ ਆਰਡਰ ਹਰਦੀਪ ਸਿੰਘ ਢਿੱਲੋਂ, ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ, ਏਡੀਜੀਪੀ ਐਸਟੀਐਫ ਤੇ ਬਾਰਡਰ ਹਰਪ੍ਰੀਤ ਸਿੰਘ ਸਿੱਧੂ ਅਤੇ ਡੀਆਈਜੀ ਫ਼ਿਰੋਜ਼ਪੁਰ ਰਜਿੰਦਰ ਸਿੰਘ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਆਖਿਆ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਮਨ-ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਧਿਰਾਂ ਨੂੰ ਅਦਾਲਤ ਦੇ ਫ਼ੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੌਕਸ ਰਹਿਣ ਦੇ ਹੁਕਮ ਦਿੱਤੇ। ਇਸ ਦੌਰਾਨ ਇਸੇ ਮੁੱਦੇ ’ਤੇ ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅਸਲਾ ਡੀਲਰਾਂ ਨੂੰ ਆਪਣੀਆਂ ਦੁਕਾਨਾਂ 25 ਅਗਸਤ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਅੰਦਰ ਤੇਜ਼ਾਬ ਦੀ ਵਿਕਰੀ ’ਤੇ ਵੀ ਰੋਕ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।
ਮੁਕਤਸਰ , ਡੀਜੀਪੀ ਪੁਲੀਸ ਸੁਰੇਸ਼ ਅਰੋੜਾ ਨੇ ਇਥੇ ਵੀ ਇਕ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਸੀਨੀਅਰ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਅਮਨ ਕਾਨੂੰਨ ਦੀ ਸਥਿਤ ਆਮ ਵਾਂਗ ਅਤੇ ਪੂਰੀ ਤਰ੍ਹਾਂ ਕਾਬੂ ’ਚ ਹੈ।
ਡੇਰਾ ਸਲਾਬਤਪੁਰਾ ’ਚ ਇਕੱਠ ਦੌਰਾਨ ਅਮਨ-ਸ਼ਾਂਤੀ ਦੀ ਅਪੀਲ
ਭਗਤਾ ਭਾਈ(ਪੱਤਰ ਪ੍ਰੇਰਕ): ਡੇਰਾ ਸਿਰਸਾ ਮੁਖੀ ਦੀ ਪੇਸ਼ੀ ਨੂੰ ਲੈ ਕੇ ਇਲਾਕੇ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਡੇਰਾ ਸ਼ਰਧਾਲੂਆਂ ਵੱਲੋਂ ਪੰਚਾਇਤਾਂ ਅਤੇ ਮੋਹਤਵਰ ਵਿਅਕਤੀਆਂ ਨਾਲ ਡੇਰੇ ਦੇ ਸਲਾਬਤਪੁਰਾ ਕੇਂਦਰ ਵਿੱਚ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਮੋਗਾ, ਮਾਨਸਾ ਨਾਲ ਸਬੰਧਤ ਪੰਚਾਇਤਾਂ ਦੇ ਮੋਹਤਵਰ ਵਿਅਕਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡੇਰਾ ਸਲਾਬਤਪੁਰਾ ਦੇ ਸੇਵਾਦਾਰ ਅਜੀਤ ਸਿੰਘ ਬਿਲਾਸਪੁਰ ਅਤੇ ਜੋਰਾ ਸਿੰਘ ਆਦਮਪੁਰਾ ਨੇ ਇਲਾਕਾ ਨਿਵਾਸੀਆਂ ਨੂੰ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਭੜਕਾਊ ਪ੍ਰਚਾਰ ਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਬਲਦੇਵ ਸਿੰਘ ਪੱਖੋਂ, ਰਾਕੇਸ਼ ਗੋਇਲ ਪ੍ਰਧਾਨ ਨਗਰ ਪੰਚਾਇਤ ਭਗਤਾ, ਸਰਪੰਚ ਗੁਰਦੀਪ ਸਿੰਘ ਆਦਮਪੁਰਾ ਤੇ ਹੋਰ ਹਾਜ਼ਰ ਸਨ।