ਪੰਚਕੂਲਾ, 9 ਮਈ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਹੱਤਿਆ ਮਾਮਲੇ ਵਿੱਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੁਣਵਾਈ ਹੋਈ।
ਇਸ ਦੌਰਾਨ ਅੱਜ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਹੋਈ। ਇਸ ਤੋਂ ਇਲਾਵਾ ਸੀਬੀਆਈ ਅਦਾਲਤ ਵਿੱਚ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਵੀ ਸੁਣਵਾਈ ਹੋਈ।
ਰਣਜੀਤ ਹੱਤਿਆ ਮਾਮਲੇ ਵਿੱਚ ਖੱਟਾ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਏ ਹਨ। ਇਸ ਤੋਂ ਪਿਛਲੀ ਸੁਣਵਾਈ ਦੌਰਾਨ ਖੱਟਾ ਸਿੰਘ ਨੇ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਬਿਆਨ ਦਰਜ ਕਰਵਾਏ ਸਨ। ਸੀਬੀਆਈ ਅਦਾਲਤ ਵਿੱਚ ਗਵਾਹੀ ਦੇਣ ਦੇ ਬਾਅਦ ਮੀਡੀਆ ਨਾਲ਼ ਗੱਲਬਾਤ ਦੌਰਾਨ ਖੱਟਾ ਸਿੰਘ ਨੇ ਕਿਹਾ ਕਿ ਅੱਜ ਉਸ ਨੇ ਰਣਜੀਤ ਹੱਤਿਆ ਮਾਮਲੇ ਵਿੱਚ ਗਵਾਹੀ ਦਿੱਤੀ ਹੈ, ਇਸ ਤੋਂ ਵਧ ਉਹ ਕੁਝ ਨਹੀਂ ਕਹਿਣਾ ਚਾਹੁੰਦਾ। ਸੀਬੀਆਈ ਵਕੀਲ ਐਚ.ਪੀ.ਐਸ. ਵਰਮਾ ਨੇ ਦੱਸਿਆ ਕਿ ਹੁਣ ਰਣਜੀਤ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਦੋਨੋ ਮਾਮਲਿਆਂ ਦੀ ਸੁਣਵਾਈ 15 ਮਈ ਨੂੰ ਹੋਵੇਗੀ ਅਤੇ ਦੋਵੇਂ ਮਾਮਲਿਆਂ ਵਿੱਚ ਹੋਈ ਖੱਟਾ ਸਿੰਘ ਦੀ ਗਵਾਹੀ ਨੂੰ ਕਰਾਸ ਕੀਤਾ ਜਾਵੇਗਾ।
ਡੇਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਓਮਪਾਲ ਗ੍ਰਿਫ਼ਤਾਰ
ਚੰਡੀਗੜ੍ਹ: ਹਰਿਆਣਾ ਪੁਲੀਸ ਨੇ ਡੇਰਾ ਸਿਰਸਾ ਦੀ 45 ਮੈਂਬਰੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਓਮਪਾਲ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ ਜੋ ਪਿਛਲੇ ਸਾਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਸਮਝਿਆ ਜਾਂਦਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਓਮਪਾਲ ਨੂੰ ਕੈਥਲ ਤੋਂ ਗ੍ਰਿਫ਼ਤਾਰ ਕਰਕੇ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਸ ਦੇ ਖ਼ਿਲਾਫ਼ ਪੰਚਕੁੂਲਾ ਦੇ ਸੈਕਟਰ ਪੰਜ ਦੇ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਚਕੂਲਾ ਤੇ ਸਿਰਸਾ ਵਿੱਚ ਹੋਈ ਹਿੰਸਾ ਵਿੱਚ 41 ਮੌਤਾਂ ਹੋਈਆਂ ਸਨ। ਡੇਰੇ ਵਿੱਚ ਰਹਿੰਦੀਆਂ ਦੋ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋੋਸ਼ਾਂ ਤਹਿਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ।