ਸਿਰਸਾ, 3 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਡੇਰਾ ਸਿਰਸਾ ਵਿੱਚ ਤਲਾਸ਼ੀ ਮੁਹਿੰਮ ਲਈ ਨਿਯੁਕਤ ਕੀਤੇ ਕੋਰਟ ਕਮਿਸ਼ਨਰ ਅਨਿਲ ਕੁਮਾਰ ਪੁਆਰ ਨੇ ਅੱਜ ੲਿੱਥੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੇਰੇ ਦੀ 45 ਮੈਂਬਰੀ ਕਮੇਟੀ ਦੇ ਕਈ ਮੈਂਬਰ ਵੀ ਮੀਟਿੰਗ ਵਿੱਚ ਮੌਜੂਦ ਸਨ। ਕਰੀਬ ਡੇਢ ਘੰਟਾ ਚੱਲੀ ਮੀਟਿੰਗ ਵਿੱਚ ਡੇਰੇ ਦੇ ਜਾਇਦਾਦ ਬਾਰੇ ਗੱਲਬਾਤ ਹੋਈ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੋਰਟ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 17 ਸ਼ਾਖ਼ਾਵਾਂ ਡੇਰੇ ਨਾਲ ਸਬੰਧਤ ਨਹੀਂ ਹਨ, ਇਨ੍ਹਾਂ ਦਾ ਪ੍ਰਬੰਧ ਅਲੱਗ ਹੈ। ਇਸ ਕੇਸ ਵਿੱਚ ਹਾਈ ਕੋਰਟ ਨੇ ਚਾਰ ਸਵਾਲ ਬਣਾਏ ਹਨ, ਜਿਨ੍ਹਾਂ ’ਤੇ ਅੱਜ ਡੇਰਾ ਸਿਰਸਾ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ। ੳੁਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਰਿਪੋਰਟ 8 ਨਵੰਬਰ ਨੂੰ ਅਦਾਲਤ ਨੂੰ ਸੌਂਪ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਧਵੀ ਬਲਾਤਕਾਰ ਮਾਮਲੇ ਵਿੱਚ ਜੇਲ੍ਹ ਜਾਣ ਮਗਰੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਡੇਰੇ ਦੀ ਤਲਾਸ਼ੀ ਲਈ ਸੇਵਾਮੁਕਤ ਜੱਜ ਅਨਿਲ ਕੁਮਾਰ ਨੂੰ ਕੋਰਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਕੋਰਟ ਕਮਿਸ਼ਨਰ ਅਨਿਲ ਕੁਮਾਰ ਸਿਰਸਾ ਪੁੱਜੇ ਸਨ, ਜਿਸ ਦੌਰਾਨ ਤਿੰਨ ਦਿਨ ਡੇਰੇ ਵਿੱਚ ਤਲਾਸ਼ੀ ਮੁਹਿੰਮ ਚਲਾਉਣ ਮਗਰੋਂ ਮੁੱਢਲੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗੲੀ ਸੀ।
ਅੱਜ ਮੀਟਿੰਗ ਦੌਰਾਨ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਨੇ ਦੱਸਿਆ ਹੈ ਕਿ ਡੇਰੇ ਦੀ ਜਾਇਦਾਦ ਬਾਰੇ ਸਾਰਾ ਰਿਕਾਰਡ ਕੋਰਟ ਕਮਿਸ਼ਨਰ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਪਹਿਲਾਂ ਦੀ ਤਰ੍ਹਾਂ ਕੰਮ ਕਰਦੀ ਰਹੇਗੀ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਹੀ ਰਹਿਣਗੇ।