ਅੰਮ੍ਰਿਤਸਰ, 29 ਅਗਸਤ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਮੁਖੀ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਵਾਪਰੀਆਂ ਹਿੰਸਕ ਘਟਨਾਵਾਂ ਲਈ ਹਰਿਆਣਾ ਦੀ ਖੱਟਰ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਆਖਿਆ ਕਿ ਜਦੋਂ ਹਰਿਆਣਾ ਸਰਕਾਰ ਨੂੰ ਇਸ ਸਬੰਧੀ ਅਗਾਊਂ ਜਾਣਕਾਰੀ ਸੀ ਤਾਂ ਫਿਰ ਹਿੰਸਾ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਉਨ੍ਹਾਂ ਨੇ ਅਦਾਲਤੀ ਫੈਸਲੇ ’ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹ ਅੱਜ ਇੱਥੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਸਨ।
ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਦੇ ਮਾਮਲੇ ਵਿੱਚ ਆਇਆ ਅਦਾਲਤੀ ਫ਼ੈਸਲਾ ਮਿਸਾਲੀ ਹੈ। ਅਦਾਲਤ ਨੇ ਹਿੰਸਕ ਘਟਨਾਵਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਡੇਰਾ ਸਿਰਸਾ ਦੇ ਮੁਖੀ ਦੀ ਜਾਇਦਾਦ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉਪਰ ਨਹੀਂ ਹੈ।
ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਛੋਟਾ ਘੱਲੂਘਾਰਾ ਸਬੰਧੀ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਆਖਿਆ ਕਿ ਗੁਰਦੁਆਰੇ ਵਿੱਚ ਮਰਿਆਦਾ ਨੂੰ ਭੰਗ ਕੀਤਾ ਗਿਆ ਹੈ ਅਤੇ ਕਾਂਗਰਸੀ ਆਗੂ ਦੀ ਕਥਿਤ ਦਖ਼ਲਅੰਦਾਜ਼ੀ ਨਾਲ ਮਾਮਲਾ ਵਿਗੜ ਰਿਹਾ ਹੈ। ਚੋਗਾਵਾਂ ਨੇੜੇ ਪਿੰਡ ਟਪਿਆਲਾ ਵਿੱਚ ਗਰੀਬ ਲੋਕਾਂ ਦੇ ਘਰਾਂ ਦੀ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ਸਬੰਧੀ ਉਨ੍ਹਾਂ ਆਖਿਆ ਕਿ ਕਾਂਗਰਸੀ ਵਿਧਾਇਕ ਗਰੀਬ ਲੋਕਾਂ ਨੂੰ ਬੇਘਰ ਕਰਨ ਦਾ ਯਤਨ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਿਵਾਰ ਵੱਲੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸੀਏ ਅਤੇ ਮਗਰੋਂ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸਿਰੋਪਾਓ ਦਿੱਤਾ ਗਿਆ।