ਚੰਡੀਗੜ੍ਹ, 6 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਨੀਪ੍ਰੀਤ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਭੂਮਿਕਾ ’ਤੇ ਸਵਾਲ ਉਠਾਉਣ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਹਨੀਪ੍ਰੀਤ ਮਾਮਲੇ ਵਿੱਚ ਪੰਜਾਬ ਪੁਲੀਸ ’ਤੇ ਲਾਏ ਦੋਸ਼ਾਂ ਬਾਰੇ ਕੈਪਟਨ ਨੇ ਕਿਹਾ ਕਿ ਡੇਰਾ ਸਿਰਸਾ ਮਾਮਲੇ ’ਤੇ ਆਪਣੀ ਸਰਕਾਰ ਦੀ ਅਸਫ਼ਲਤਾ ਉੱਤੇ ਪਰਦਾ ਪਾਉਣ ਲਈ ਖੱਟਰ ਇਸ ਤਰ੍ਹਾਂ ਦੀਆਂ ਮਨਘੜਤ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਕੂਲਾ ਹਿੰਸਾ ਮਗਰੋਂ ਹਰਿਆਣਾ ਵਿੱਚ ਪੂਰੀ ਤਰ੍ਹਾਂ ਕਾਨੂੰਨ-ਵਿਵਸਥਾ ਭੰਗ ਹੋ ਜਾਣ ਦੇ ਅਸਲ ਮੁੱਦੇ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਖੱਟਰ ਹੁਣ ਅਜਿਹੀਆਂ ਕੋਸ਼ਿਸ਼ਾਂ ਕਰ ਰਹੇ ਹਨ। ਕੈਪਟਨ ਨੇ ਦੋਸ਼ ਲਾਇਆ ਕਿ ਹਰਿਆਣਾ ਪੁਲੀਸ ਦੇ ਕੁਝ ਸੀਨੀਅਰ ਅਧਿਕਾਰੀ ਹਨੀਪ੍ਰੀਤ ਬਾਰੇ ਜਾਣਦੇ ਸਨ ਕਿ ਉਹ ਕਈ ਦਿਨਾਂ ਤੋਂ ਕਿੱਥੇ ਹੈ ਪਰ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਆਪਣੇ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਬਜਾਏ ਖੱਟਰ ਸਿਰਫ਼ ਪੰਜਾਬ ’ਤੇ ਦੋਸ਼ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਤਰ੍ਹਾਂ ਦੀ ਕੋਸ਼ਿਸ਼ ਉਨ੍ਹਾਂ ਨੇ ਪੰਚਕੂਲਾ ਹਿੰਸਾ ਦੇ ਸਬੰਧ ਵਿੱਚ ਕੀਤੀ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਪੰਜਾਬ ਪੁਲੀਸ ਹਨੀਪ੍ਰੀਤ ਦਾ ਪਿੱਛਾ ਨਹੀਂ ਕਰ ਰਹੀ ਸੀ ਕਿਉਂਕਿ ਉਹ ਸੂਬੇ ਨੂੰ ਕਿਸੇ ਵੀ ਮਾਮਲੇ ਵਿੱਚ ਲੋੜੀਂਦੀ ਨਹੀਂ ਸੀ ਪਰ ਇਸ ਦੇ ਨਾਲ ਹੀ ਡੇਰਾ ਮੁਖੀ ਦੀ ਗੋਦ ਲਈ ਇਸ ਧੀ ਨੂੰ ਬਚਾਉਣ ਦਾ ਵੀ ਕੋਈ ਸਵਾਲ ਨਹੀਂ ਉਠਦਾ।