ਜਗਰਾਉਂ, 24 ਅਗਸਤ
ਡੇਰਾ ਸਿਰਸਾ ਮੁਖੀ ਦੇ ਕੇਸ ਸਬੰਧੀ ਅਦਾਲਤੀ ਫ਼ੈਸਲਾ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਪੈਦਾ ਕੀਤੇ ਜਾ ਰਹੇ ਦਹਿਸ਼ਤ ਦੇ ਮਾਹੌਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੰਦਿਆਂ ਇਸ ‘ਤੇ ਚਿੰਤਾ ਪ੍ਰਗਟਾਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਿਰੋਲ ਅਦਾਲਤੀ ਮਾਮਲੇ ਨੂੰ ਸਿੱਖਾਂ, ਹਿੰਦੂਆਂ ਤੇ ਹੋਰ ਧਰਮਾਂ ਤੇ ਫਿਰਕਿਆਂ ਵਾਲਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਨਾਲ ਨੁਕਸਾਨ ਸਿੱਖਾਂ ਤੇ ਪੰਜਾਬੀਆਂ ਦਾ ਹੋਵੇਗਾ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਮੁੱਦੇ ‘ਤੇ ਖ਼ਾਲਸਾ ਪੰਥ ਵਿੱਚ ਕੋਈ ਟਕਰਾਅ ਨਹੀਂ ਕਿਉਂਕਿ ਇਸ ਨਾਲ ਸਿੱਖਾਂ ਦਾ ਕੋਈ ਸਰੋਕਾਰ ਹੀ ਨਹੀਂ। ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੇ ਸਾਂਝੀਵਾਲਤਾ ਦੇ ਸੰਦੇਸ਼ ‘ਤੇ ਚੱਲਦੇ ਹੋਏ ਆਪਣੀ ਭਾਈਚਾਰਕ ਸਾਂਝ ਇਸੇ ਤਰ੍ਹਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪਹੁੰਚੇ ਪ੍ਰੋ. ਬਡੂੰਗਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਡੇਰਾ ਪੈਰੋਕਾਰਾਂ ਵੱਲੋਂ ਸਿਰਜੇ ਜਾ ਰਹੇ ਦਹਿਸ਼ਤੀ ਮਾਹੌਲ ਨਾਲ ਕਿਸੇ ਦਾ ਕੁਝ ਨਹੀਂ ਸੰਵਰਨਾ ਸਗੋਂ ਪਹਿਲਾਂ ਹੀ ਕਈ ਦਹਾਕੇ ਪੱਛੜ ਗਿਆ ਪੰਜਾਬ ਹੀ ਨੁਕਸਾਨ ਝੱਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀ ਹੈ ਤੇ ਜੇਕਰ ਮਾਹੌਲ ਵਿਗੜਦਾ ਹੈ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਡੇਰਾ ਪੈਰੋਕਾਰਾਂ ਨੂੰ ਠਰ੍ਹੰਮੇ ਤੋਂ ਕੰਮ ਲੈਣਾ ਚਾਹੀਦਾ ਹੈ ਤੇ ਸਭ ਨੂੰ ਗਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ਾਂ ਦਾ ਪਤਾ ਲਗਾਏ ਜਾਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਿੰਡ ਪੱਧਰ ‘ਤੇ ਪ੍ਰਚਾਰ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਤੋਂ ਮੋੜਨ ਦਾ ਯਤਨ ਕਰੇਗੀ।