ਅੰਮ੍ਰਿਤਸਰ, 31 ਅਗਸਤ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਡੇਰਾ ਸਿਰਸਾ ਨਾਲ ਜੁੜੇ ਸਿੱਖਾਂ  ਨੂੰ ਘਰ ਵਾਪਸੀ ਦਾ ਸੱਦਾ ਦਿੰਦਿਆਂ ਆਖਿਆ ਕਿ ਡੇਰਾ ਸਿਰਸਾ ਦੇ ਮੁਖੀ ਦੀ ਘਿਨਾਉਣੀ ਸੱਚਾਈ ਜੱਗ ਜ਼ਾਹਰ ਹੋਣ ਤੋਂ ਬਾਅਦ ਡੇਰੇ ਨਾਲ ਜੁੜੇ ਸਿੱਖ ਸ਼ਬਦ ਗੁਰੂ ਦੇ ਲੜ ਲੱਗਣ।
ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫਤਰ ਵਿੱਚ ਸਾਰਾਗੜ੍ਹੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪ੍ਰੋ. ਬਡੂੰਗਰ ਨੇ ਆਖਿਆ ਕਿ ਜੇਕਰ ਸਮੇਂ ਸਿਰ ਹਰਿਆਣਾ ਸਰਕਾਰ ਵੱਲੋਂ ਢੁਕਵੀਂ ਕਾਰਵਾਈ ਕੀਤੀ ਜਾਂਦੀ ਤਾਂ ਉਥੇ ਹੋਈਆਂ ਹਿੰਸਕ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਨੇ ਡੇਰਾ ਸਿਰਸਾ ਨਾਲ ਜੁੜੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਬਦ ਗੁਰੂ ਨਾਲ ਜੁੜਨ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਵੱਲੋਂ ਕੀਤੇ ਸਮਾਜ ਵਿਰੋਧੀ ਕੰਮ ਜੱਗ ਜ਼ਾਹਰ ਹੋ ਚੁੱਕੇ ਹਨ। ਇਸ ਲਈ ਸਿੱਖਾਂ ਨੂੰ ਅਜਿਹੇ ਡੇਰੇਦਾਰਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਪੱਟੀ ਵਿੱਚ ਪਹਿਲਾਂ ਹੀ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਰੂਪ ਵਿੱਚ ਚਲਾਇਆ ਜਾ ਰਿਹਾ ਹੈ ਪਰ ਦੁਬਿਧਾ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਗੁਰਮਤਿ ਨਾਲ ਜੋੜਨ ਲਈ ਹੋਰ ਵੀ ਯਤਨ ਤੇਜ਼ ਕੀਤੇ ਜਾਣਗੇ। ਇਸ ਵਾਸਤੇ ਧਰਮ ਪ੍ਰਚਾਰ ਵਿਧੀ ਤੋਂ ਇਲਾਵਾ ਸੰਵਾਦ ਵਿਧੀ ਵੀ ਵਰਤੀ ਜਾਵੇਗੀ।
ਇਸ ਤੋਂ ਪਹਿਲਾਂ ਪ੍ਰੋ. ਬਡੂੰਗਰ ਨੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸਾਰਾਗੜ੍ਹੀ ਨਿਵਾਸ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫੌਜੀਆਂ ਦੀ ਯਾਦ ਵਿੱਚ ਗੈਲਰੀ ਬਣਾਏਗੀ, ਜਿਸ ਦਾ ਉਦਘਾਟਨ 10 ਸਤੰਬਰ ਨੂੰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 12 ਸਤੰਬਰ 1897 ਨੂੰ ਹੋਈ ਸਾਰਾਗੜ੍ਹੀ ਦੀ ਜੰਗ ਵਿੱਚ 36 ਸਿੱਖ ਬਟਾਲੀਅਨ ਦੇ  21 ਸਿੱਖ ਫੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਦਿੱਤੀ ਸੀ। ਗੈਲਰੀ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀਆਂ ਤਸਵੀਰਾਂ ਅਤੇ ਹੋਰ ਸਮੱਗਰੀ ਸਥਾਪਤ ਕੀਤੀ ਜਾਵੇਗੀ। ਇਸ ਵਿੱਚ ਸਾਰਾਗੜ੍ਹੀ ਚੌਕੀ ਨੂੰ ਰੂਪਮਾਨ ਕਰਦਾ ਮਾਡਲ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਫਿਰੋਜ਼ਪੁਰ ਵਿਖੇ ਗੁਰਦੁਆਰਾ ਬਜੀਦਪੁਰ ਵਿੱਚ ਗੁਰਮਤਿ ਸਮਾਗਮ ਕਰਾਇਆ ਜਾਵੇਗਾ। ਸਾਰਾਗੜ੍ਹੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਗੈਲਰੀ ਵਿਚ ਸਥਾਪਤ ਕੀਤੇ ਜਾਣ ਵਾਲੀਆਂ ਸਿੱਖ ਫੌਜੀਆਂ ਦੀਆਂ ਤਸਵੀਰਾਂ ਵੀ ਦਿਖਾਈਆਂ ਅਤੇ ਮਾਡਲ ਬਾਰੇ ਵੀ ਜਾਣਕਾਰੀ ਦਿੱਤੀ।
ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੇ ਦੱਸਿਆ ਕਿ ਸਿੱਖ ਸ਼ਹੀਦ ਫੌਜੀਆਂ ਦੀ ਯਾਦ ਵਿੱਚ ਗੈਲਰੀ ਸਥਾਪਨਾ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹਾ ਤੱਕ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਹ ਗੈਲਰੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇਗੀ।