ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਡੋਪ ਟੈਸਟ ਕਰਵਾਉਣ ਦੀ ਹਾਮੀ ਭਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀਆਂ ਨੇ ਪਹਿਲਕਦਮੀ ਕਰਦਿਆਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਡੋਪ ਟੈਸਟ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ।
ਜਾਣਕਾਰੀ ਅਨੁਸਾਰ ਰਾਣਾ ਕੇਪੀ ਸਿੰਘ ਅੱਜ ਸਵੇਰੇ 11 ਵਜੇ ਸਰਕਾਰੀ ਹਸਪਤਾਲ ਪੁੱਜੇ ਅਤੇ ਸਿੱਧਾ ਐਸਐਮਓ ਡਾ. ਮਨਜੀਤ ਸਿੰਘ ਦੇ ਰੂਮ ਵਿੱਚ ਚਲੇ ਗਏ, ਜਿੱਥੇ ਉਨ੍ਹਾਂ ਨੇ ਡੋਪ ਟੈਸਟ ਕਰਵਾਉਣ ਦੀ ਮੁੱਢਲੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਟੈਸਟ ਸਬੰਧੀ ਫਾਰਮ ਭਰ ਕੇ ਖਿੜਕੀ ’ਤੇ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਚੌਕਸੀ ਵਧਾਉਣ ਦੀ ਲੋੜ ਹੈ।