ਚੰਡੀਗੜ,ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਉਹਨਾਂ ਦੇ ਪੁੱਤਰ ਪਰਮਿੰਦਰ ਅਤੇ ਭਤੀਜੇ ਪਰਦੀਪ ਖ਼ਿਲਾਫ ਦਰਜ ਕੀਤੇ ਕਰਾਸ ਕੇਸ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸੂਬੇ ਦੀ ਪੁਲਿਸ ਕਾਂਗਰਸੀ ਆਗੂਆਂ ਦੇ ਹੱਥ ਦੀ ਕਠਪੁਤਲੀ ਬਣ ਚੁੱਕੀ ਹੈ ਅਤੇ ਕਾਂਗਰਸ ਦੇ ਅੱਤਿਆਚਾਰਾਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਐਸਜੀਪੀਸੀ ਮੈਂਬਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਉੱਤੇ ਹਮਲਾ ਕਰਨ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਦੀ ਥਾਂ ਪੁਲਿਸ ਨੇ ਘਟਨਾ ਤੋਂ ਦੋ ਦਿਨ ਬਾਅਦ ਪੀੜਤਾਂ ਦੇ ਖ਼ਿਲਾਫ ਹੀ ਇੱਕ ਕਰਾਸ ਕੇਸ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਨੇ ਲੋਕਾਂ ਦਾ ਕਾਨੂੰਨ ਅਤੇ ਸਰਕਾਰੀ ਮਸ਼ੀਨਰੀ ਉੱਤੋਂ ਵਿਸ਼ਵਾਸ ਹਿਲਾ ਦਿੱਤਾ ਹੈ। ਇਸ ਘਟਨਾ ਨੇ ਸਾਡੇ ਦਾਅਵੇ ਨੂੰ ਵੀ ਸਹੀ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸੀ ਆਪਣੀਆਂ ਨਿੱਜੀ ਕਿੜਾਂ ਕੱਢਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ। ਪੁਲਿਸ ਨੂੰ ਆਪਣਾ ਫਰਜ਼ ਨਿਭਾਉਣ ਅਤੇ ਆਪਣੇ ਸਿਆਸੀ ਰਹਿਬਰਾਂ ਦੇ ਇਸ਼ਾਰਿਆਂ ਉੱਤੇ ਨਾ ਨੱਚਣ ਲਈ ਆਖਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਕਾਂਗਰਸੀ ਜ਼ਿਆਦਤੀਆਂ ਦੇ ਸ਼ਿਕਾਰ ਵਿਅਕਤੀਆਂ ਨਾਲ ਕਾਂਗਰਸ ਸਰਕਾਰ ਨੂੰ ਬੇਇਨਸਾਫੀ ਨਹੀਂ ਕਰਨ ਦੇਵੇਗਾ। ਅਸੀਂ ਇਹਨਾਂ ਮਾਮਲਿਆਂ ਨੂੰ ਢੁੱਕਵੇਂ ਫੋਰਮ ਕੋਲ ਲੈ ਕੇ ਜਾਵਾਂਗੇ ਅਤੇ ਇਸ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾਂ ਦਿਵਾਵਾਂਗੇ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਹ ਮਾਮਲਾ ਰਾਜ ਦੇ ਪੁਲਿਸ ਮੁਖੀ ਕੋਲ ਉਠਾਇਆ ਸੀ ਅਤੇ ਉਹਨਾਂ ਨੂੰ ਆਪਣੇ ਇਸ ਤੌਖਲੇ ਤੋਂ ਜਾਣੂ ਕਰਵਾਇਆ ਸੀ ਕਿ ਦਿਆਲ ਸਿੰਘ ਕੋਲਿਆਂਵਾਲੀ ਅਤੇ ਉਸ ਦੇ ਪਰਿਵਾਰ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਐਸਜੀਪੀਸੀ ਮੈਂਬਰ ਖ਼ਿਲਾਫ ਇੱਕ ਕਾਂਗਰਸ ਵਰਕਰ ਦੇ ਸਾਥੀ ਨੂੰ ਮਾਰਨ ਦੀ ਸਾਜ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ, ਜਦਕਿ ਕਾਂਗਰਸੀ ਵਿਅਕਤੀ ਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਤਾਂ ਘਟਨਾ ਵਾਲੀ ਥਾਂ ਉੱਤੇ ਵੀ ਮੌਜੂਦ ਨਹੀਂ ਸੀ। ਹੁਣ ਆਪਣੇ ਆਪ ਜ਼ਖ਼ਮੀ ਹੋਏ ਕਾਂਗਰਸੀ ਗੁਰਮੀਤ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਮਨਪ੍ਰੀਤ ਮੰਨਾ ਨਾਂ ਦਾ ਇੱਕ ਹੋਰ ਕਾਂਗਰਸੀ ਉਸ ਦੇ ਨਾਲ ਸੀ। ਜਦਕਿ ਮੰਨਾ ਨੇ ਹੀ ਪਹਿਲਾਂ ਇਹ ਬਿਆਨ ਦਿੱਤਾ ਸੀ ਕਿ ਉਹ ਘਟਨਾ ਸਮੇਂ ਉੱਥੇ ਮੌਜੂਦ ਨਹੀਂ ਸੀ। ਇਸ ਤੋਂ ਸਾਬਿਤ ਹੁੰਦਾ ਹੈ ਕਿ ਕਾਂਗਰਸੀ ਵਰਕਰਾਂ ਦਾ ਸਾਰਾ ਕਰਾਸ ਕੇਸ ਝੂਠ ‘ਤੇ ਆਧਾਰਿਤ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਬਣਦਾ ਹੈ। ਸਾਂਸਦ ਨੇ ਸਰਕਾਰ ਨੂੰ ਤੁਰੰਤ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਖਿਆ। ਉਹਨਾਂ ਕਿਹਾ ਕਿ ਸਿਆਸੀ ਬਦਲੇਖੋਰੀ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਰਕੇ ਸੂਬਾ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਨੇ ਸਮਾਜ-ਵਿਰੋਧੀ ਅਤੇ ਰਾਸ਼ਟਰ-ਵਿਰੋਧੀ ਅਨਸਰਾਂ ਦੇ ਹੌਂਸਲੇ ਵਧਾ ਦਿੱਤੇ ਹਨ, ਜਿਸ ਨਾਲ ਪਾਦਰੀ ਅਤੇ ਸੀਨੀਅਰ ਆਰਐਸਐਸ ਕਾਰਕੁਨ ਦੀਆਂ ਹੱਤਿਆਵਾਂ ਵਰਗੀਆਂ ਸਨਸਨੀਖੇਜ਼ ਘਟਨਾਵਾਂ ਵਾਪਰਨ ਲੱਗੀਆਂ ਹਨ। ਜੇਕਰ ਸਰਕਾਰ ਨੇ ਤੁਰੰਤ ਕੋਈ ਕਾਰਵਾਈ ਨਾ ਕੀਤੀ ਤਾਂ ਸਥਿਤੀ ਹੱਥਾਂ ਵਿਚੋਂ ਨਿਕਲ ਸਕਦੀ ਹੈ, ਜੋ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਸਾਡੇ ਲਈ ਵਧ ਘਾਤਕ ਹੋ ਸਕਦੀ ਹੈ।