ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਪੈਟਰੋਲ ਅਤੇ ਡੀਜ਼ਲ ਉੱਤੇ ਟੈਕਸ ਘਟਾਉਣ ਦੇ ਮੁੱਦੇ ’ਤੇ ਨਕਲੀ ਰੋਸ ਪ੍ਰਦਰਸ਼ਨ ਕਰਨੇ ਬੰਦ ਕਰਨ ਅਤੇ ਪੈਟਰੋਲੀਅਮ ਵਸਤਾਂ ਉੱਤੇ ਵੈਟ ਘਟਾਉਣ ਲਈ ਕਾਂਗਰਸ ਸਰਕਾਰ ਉੱਤੇ ਦਬਾਅ ਪਾਉਣ ਅਤੇ ਲੋਕਾਂ ਨੂੰ 20 ਰੁਪਏ ਪ੍ਰਤੀ ਲਿਟਰ ਦੀ ਰਾਹਤ ਦਿਵਾਉਣ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ  ਸ੍ਰੀ ਜਾਖੜ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਇਸ ਦਲੀਲ ਨੂੰ ਕਿਉਂ ਸਵੀਕਾਰ ਕੀਤਾ ਸੀ ਕਿ ਉਹ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਨਹੀਂ ਘਟਾਉਣਗੇ।
ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਕਾਂਗਰਸ ਸਰਕਾਰ ਕੇਰਲਾ ਵੱਲੋਂ ਦਿੱਤੀ ਰਾਹਤ ਵਾਂਗ ਹੀ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘੱਟ ਕਰੇਗੀ। ਪਰ ਜਦੋਂ ਮਨਪ੍ਰੀਤ ਬਾਦਲ ਨੇ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਘਟਾਉਣ ਤੋਂ ਨਾਂਹ ਕਰ ਦਿੱਤੀ ਤਾਂ ਉਨ੍ਹਾਂ ਨੇ ਵਿੱਤ ਮੰਤਰੀ ਨੂੰ ਆਮ ਆਦਮੀ ਨੂੰ ਕੋਈ ਵੀ ਰਾਹਤ ਨਾ ਦੇਣ ਲਈ ਘੇਰਨ  ਦੀ ਥਾਂ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ।