ਦੋਰਾਹਾ, 13 ਦਸੰਬਰ
ਇੱਥੋਂ ਨੇੜਲੇ ਇਤਿਹਾਸਕ ਗੁਰਦੁਆਰਾ ਦੇਗਸਰ ਸਾਹਿਬ (ਕਟਾਣਾ ਸਾਹਿਬ) ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਨਵੇਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਵਿੱਚ ਧਰਮ ਪ੍ਰਚਾਰ ਦੇ ਪ੍ਰੋਗਰਾਮ, ਕਥਾ-ਕੀਰਤਨ, ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸ਼ਨੋਤਰੀ ਤੇ ਗੁਰਬਾਣੀ ਕੰਠ ਆਦਿ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਬਣਾਉਣ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜਵਾਨਾਂ ਨੂੰ ਆਈਏਐਸ ਅਤੇ ਆਈਪੀਐਸ ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ।
ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਵੰਬਰ 2018 ਤੱਕ ਸ਼੍ਰੋਮਣੀ ਕਮੇਟੀ ਇਕ ਲੱਖ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਚਾਰ-ਵਟਾਂਦਰੇ ਮਗਰੋਂ ਕੇਂਦਰੀ ਅਤੇ ਸੂਬਾ ਪੱਧਰੀ ਕਮੇਟੀਆਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਤੇ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ (22 ਦਸੰਬਰ) ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਕੇਂਦਰ ਅਤੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਖੋਲ੍ਹੇ ਜਾਣਗੇ। ਪੰਜਾਬ ਵਿੱਚ ਸਥਿਤ ਤਿੰਨੋਂ ਤਖ਼ਤ ਸਹਿਬਾਨ ’ਤੇ ਹਰ ਐਤਵਾਰ ਨੂੰ ਗੁਰਮਤਿ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਵੱਖ-ਵੱਖ ਇਲਾਕਿਆਂ ਤੋਂ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੇ ਸਬੰਧਤ ਗੁਰਦੁਆਰਿਆਂ, ਟਰੱਸਟਾਂ ਤੇ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰਹਿਤ ਮਰਿਆਦਾ ਦੀ ਉਲੰਘਣਾ ਕਰਨ, ਨਸ਼ਿਆਂ ਦੀ ਵਰਤੋਂ ਤੇ ਸੰਗੀਨ ਦੋਸ਼ ਸਾਹਮਣੇ ਆਉਣ ’ਤੇ ਸੇਵਾ ਤੋਂ ਮੁਅੱਤਲ ਕਰਨ ਦੀ ਬਜਾਏ ਸਿੱਧਾ ਫਾਰਗ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿੱਚ ਅਨੁਸ਼ਾਸਨ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਹਾਜ਼ਰੀ ਤਕਨੀਕ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਸਬੰਧਤ ਅਦਾਰਿਆਂ ਵਿੱਚ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿੱਚ ਆਈਆਂ ਨਵੀਆਂ ਨਿਯੁਕਤੀਆਂ ਤੇ ਤਰੱਕੀਆਂ ਸਬੰਧੀ ਪੜਤਾਲ ਕਰਵਾਈ ਜਾਵੇਗੀ ਅਤੇ ਅੰਤ੍ਰਿੰਗ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਬਾਬਾ ਹਜ਼ਾਰਾ ਸਿੰਘ ਅੱਲ੍ਹਾਦੀਨਪੁਰ, ਮਲਾਹ ਕੁੰਮਾ ਮਾਸ਼ਕੀ, ਗਿਆਨੀ ਬਾਦਲ ਸਿੰਘ ਪ੍ਰਚਾਰਕ, ਅੱਲ੍ਹਾ ਯਾਰ ਖਾਂ ਜੋਗੀ, ਭਾਈ ਗਨੀ ਖਾਂ ਤੇ ਭਾਈ ਨਬੀ ਖਾਂ ਤੇ ਭਾਈ ਹਰੀ ਸਿੰਘ ਦੀਆਂ ਤਸਵੀਰਾਂ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਕਰਨਾਲ, ਹਰਪਾਲ ਸਿੰਘ ਜੱਲ੍ਹਾ, ਗੁਰਬਚਨ ਸਿੰਘ ਕਰਮੂਵਾਲਾ, ਸੱਜਣ ਸਿੰਘ ਬੱਜੂਮਾਨ, ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ, ਰਵਿੰਦਰ ਸਿੰਘ ਚੱਕਮੁਕੇਰੀਆਂ ਤੇ ਗੁਰਮੀਤ ਸਿੰਘ ਬੂਹ ਆਦਿ ਹਾਜ਼ਰ ਸਨ।