ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਰੱਖ ਕੇ ਸਾਰਥਕ ਹੱਲ ਕਢਵਾਇਆ ਜਾਵੇਗਾ-ਸਿਹਤ ਮੰਤਰੀ

ਬਠਿੰਡਾ, 26 ਜਨਵਰੀ (    ) ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕਿਸੇ ਵੀ ਥਰਮਲ ਪਲਾਂਟ ਬੰਦ ਹੋਣ ਦੀ ਸੂਰਤ ‘ਚ ਕਿਸੇ ਵੀ ਕਰਮਚਾਰੀ ਦੀ ਛਾਂਟੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਮੀਟਿੰਗ ‘ਚ ਸ਼ਾਮਲ ਯੂਨੀਅਨ ਦੇ ਮੈਂਬਰਾਂ ਨੂੰ ਉਨ੍ਹਾਂ ਦਾ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਰੱਖ ਕੇ ਸਾਰਥਕ ਹੱਲ ਕਢਵਾਉਣ ਦਾ ਵੀ ਭਰੋਸਾ ਦਿਵਾਇਆ। 

ਇਸ ਮੀਟਿੰਗ ‘ਚ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ, ਇਕਬਾਲ ਸਿੰਘ, ਗੁਰਵਿੰਦਰ ਸਿੰਘ ਅਤੇ ਜਗਰੂਪ ਸਿੰਘ ਨੇ ਆਪਣੀਆਂ ਮੰਗਾਂ ਤੇ ਮਸਲੇ ਸਿਹਤ ਮੰਤਰੀ ਦੇ ਧਿਆਨ ‘ਚ ਲਿਆਂਦੇ ਅਤੇ ਸਿਹਤ ਮੰਤਰੀ ਵਲੋਂ ਉਨ੍ਹਾਂ ਨੂੰ ਪ੍ਰਮੁੱਖਤਾ ਦੇ ਆਧਾਰ ‘ਤੇ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। 

ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਨੇ ਪੁਰਾਣੇ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ ਪਰ ਸਰਕਾਰ ਇਸ ਗੱਲ ਲਈ ਪੂਰੀ ਤਰ•ਾਂ ਵਚਨਬਧ ਹੈ ਕਿ ਕਿਸੇ ਵੀ ਪੱਕੇ ਜਾਂ ਕੱਚੇ ਮੁਲਾਜ਼ਮ ਨੂੰ ਨੌਕਰੀ ਤੋਂ ਕੱਢਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਮੁਲਾਜ਼ਮਾਂ ਨੂੰ ਹੋਰ ਵੱਖ-ਵੱਖ ਮਹਿਕਮਿਆਂ ‘ਚ ਉਨ੍ਹਾਂ ਦੇ ਰਿਹਾਇਸ਼ੀ ਸਥਾਨਾਂ ਨੇੜੇ ਤਬਦੀਲ ਕਰ ਦਿੱਤਾ ਜਾਵੇਗਾ। 

ਇਸ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੂੰ ਕੱਢੇ ਜਾਣ ਬਾਰੇ ਫੈਲ ਰਹੀਆਂ ਅਫ਼ਵਾਹਾਂ ਦਾ ਸਿਹਤ ਮੰਤਰੀ ਨੇ ਮੁੱਢੋਂ ਖੰਡਨ ਕੀਤਾ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਅਫ਼ਵਾਹਾਂ ਫੈਲਾਉਣ ਵਾਲੇ ਗਲਤ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਬਠਿੰਡਾ ਥਰਮਲ ਪਲਾਂਟ ਦੇ ਕੱਚੇ ਮੁਲਾਜ਼ਮਾਂ ਦਾ ਮਸਲਾ ਗੰਭੀਰਤਾ ਨਾਲ ਵਿਚਾਰਨ ਦੇ ਵੀ ਹੁਕਮ ਦਿੱਤੇ। 

ਸਿਹਤ ਮੰਤਰੀ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਨੂੰ ਨੌਕਰੀ ਤੋਂ ਕਿਸੇ ਵੀ ਹਾਲਤ ‘ਚ ਨਾ ਕੱਢੇ ਜਾਣ ਦਾ ਵਿਸ਼ਵਾਸ਼ ਦਿਵਾਉਂਦਿਆਂ ਆਪਣਾ ਧਰਨਾ ਖ਼ਤਮ ਕਰਨ ਦੀ ਵੀ ਅਪੀਲ ਕੀਤੀ।