ਅੰਮ੍ਰਿਤਸਰ, ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਗਈ ਮਹਿਲਾ ਕਿਰਨ ਬਾਲਾ ਵੱਲੋਂ ਲਾਹੌਰ ਵਿੱਚ ਧਰਮ ਪਰਿਵਰਤਨ ਕਰਕੇ ਉਥੋਂ ਦੇ ਵਾਸੀ ਨਾਲ ਨਿਕਾਹ ਕਰਨ ਮਗਰੋਂ ਭਲਕੇ ਜਥੇ ਨਾਲ ਵਤਨ ਪਰਤਣ ਦੀ ਸੰਭਾਵਨਾ ਘੱਟ ਹੀ ਨਜ਼ਰ ਆ ਰਹੀ ਹੈ। ਉਂਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚਾਹੁੰਦੀ ਹੈ ਕਿ ਕਿਰਨ ਬਾਲਾ ਆਪਣੇ ਬੱਚਿਆਂ ਕੋਲ ਭਾਰਤ ਪਰਤ ਜਾਵੇ। ਉਧਰ ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਵੇਰਵਿਆਂ ਮੁਤਾਬਕ ਅੱਜ ਕਿਰਨ ਬਾਲਾ ਨੇ ਲਾਹੌਰ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੇ ਨਵੇਂ ਪਤੀ ਕੋਲ ਰਹਿਣ ਦੀ ਇੱਛਾ ਪ੍ਰਗਟਾਈ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਿੱਖ ਸੰਗਤ ਜਥੇਬੰਦੀ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਆਖਿਆ ਕਿ ਉਸ ਬਾਰੇ ਫਿਲਹਾਲ ਕੋਈ ਥਹੁ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦੇ ਅਚਨਚੇਤੀ ਲਾਪਤਾ ਹੋਣ ਕਾਰਨ ਪੀਜੀਪੀਸੀ ਕੋਲੋਂ ਵੀ ਪੁੱਛ-ਗਿੱਛ ਕੀਤੀ ਗਈ ਹੈ ਅਤੇ ਉਹ ਵੀ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਔਰਤ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕੋਈ ਕਦਮ ਉਠਾ ਸਕਦੀ ਹੈ। ਉਨ੍ਹਾਂ ਪੀਜੀਪੀਸੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਆਖਿਆ ਹੈ ਕਿ ਇਸ ਔਰਤ ਨੂੰ ਭਾਰਤ ਵਾਪਸ ਭੇਜਿਆ ਜਾਵੇ। ਉਨ੍ਹਾਂ ਭਾਰਤੀ ਜਥੇਬੰਦੀਆਂ ਅਤੇ ਏਜੰਸੀਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜੋ ਇਕ ਹਫ਼ਤੇ ਵਿੱਚ ਮਾਮਲੇ ਦੀ ਜਾਂਚ ਕਰੇਗੀ। ਜਾਂਚ ਕਮੇਟੀ ਪਤਾ ਲਾਵੇਗੀ ਕਿ ਸ਼੍ਰੋਮਣੀ ਕਮੇਟੀ ਦੇ ਪੱਧਰ ’ਤੇ ਕੀ ਅਤੇ ਕਿਵੇਂ ਗਲਤੀ ਹੋਈ? ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਕਿਰਨ ਬਾਲਾ ਮਾਮਲੇ ਵਿੱਚ ਭਾਰਤੀ ਏਜੰਸੀਆਂ ਦੀ ਅਸਫ਼ਲਤਾ ਦਾ ਦੋਸ਼ ਲਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਕਿਰਨ ਬਾਲਾ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਦੀ ਸਿਫਾਰਸ਼ ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਵੱਲੋਂ ਕੀਤੀ ਗਈ ਸੀ।
ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗ
ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਅਲੋਕ ਕੁਮਾਰ ਨੇ ਕਿਰਨ ਬਾਲਾ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਕੌਮੀ ਬੁਲਾਰੇ ਵਿਨੋਦ ਬੰਸਲ ਵੱਲੋਂ ਜਾਰੀ ਬਿਆਨ ਵਿੱਚ ਉਨ੍ਹਾਂ ਆਖਿਆ ਕਿ ਇਸ ਸਮੁੱਚੇ ਮਾਮਲੇ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਲਗਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਯਾਤਰੂਆਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਕਿਰਨ ਬਾਲਾ ਨੂੰ ਭਾਰਤ ਲਿਆ ਕੇ ਉਸ ਨਾਲ ਦਰਪੇਸ਼ ਸਥਿਤੀਆਂ ਬਾਰੇ ਪਤਾ ਲਾਉਣਾ ਚਾਹੀਦਾ ਹੈ।