ਫਤਹਿਗੜ੍ਹ ਸਾਹਿਬ, 20 ਸਤੰਬਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਹਿਰ ਦਾ ਅਗਲਾ ਪੜਾਅ 20 ਸਤੰਬਰ ਤੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਮੋਹੀਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਥੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਤੱਕ ਫੈਲ ਚੁੱਕੀ ਹੈ। ਉਨ੍ਹਾਂ ਵੱਖ ਵੱਖ ਜ਼ੋਨਾਂ ਵਿੱਚ ਵੰਡ ਕੇ ਕੀਤੇ ਧਰਮ ਪ੍ਰਚਾਰ ਦੇ ਤਜਰਬੇ ਨੂੰ ਸਫ਼ਲ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਕਮੇਟੀ ਵੱਲੋਂ ਸਬ ਜ਼ੋਨਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤ ਨੂੰ ਗੁਰਮਤਿ ਨਾਲ ਜੋੜਨਗੇ। ਇਸ ਮੌਕੇ ਸਕੱਤਰ ਅਵਤਾਰ ਸਿੰਘ ਸੈਂਪਲਾਂ, ਨਿੱਜੀ ਸਕੱਤਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਆਦਿ ਹਾਜ਼ਰ ਸਨ।