ਬਟਾਲਾ, ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲਾ ਕਲਾਂ ਤੇ ਕੋਟਕਪੂਰਾ ਘਟਨਾਵਾਂ ਦੀ ਜਾਂਚ ਕਰ ਰਹੀ ਸਿਟ ਨੂੰ ਚਾਹੀਦਾ ਹੈ ਕਿ ਉਹ ਆਪਣੀ ਜਾਂਚ ਰਿਪੋਰਟ ਜਲਦੀ ਸਰਕਾਰ ਨੂੰ ਪੇਸ਼ ਕਰੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਰਿਪੋਰਟ ਤੋਂ ਬਾਅਦ ਜਲਦੀ ਸਜ਼ਾ ਦਿੱਤੀ ਜਾਵੇ। ਸ੍ਰੀ ਬਾਜਵਾ ਨੇ ਦਾਣਾ ਮੰਡੀ ਕਾਦੀਆਂ ਦੇ ਦੌਰੇ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਤੇ ਉਹ ਸਿੱਖ ਹੋਣ ਕਰਕੇ ਬਰਗਾੜੀ ਮੋਰਚੇ ਦਾ ਸਮਰਥਨ ਕਰਦੇ ਹਨ ਨਾ ਕਿ ਸਿਆਸਤ ਕਰਕੇ ਕਿਉਂਕਿ ਸਿਆਸਤ ਸਭ ਦੀ ਵੱਖਰੀ ਹੋ ਸਕਦੀ ਹੈ।
ਸ੍ਰੀ ਬਾਜਵਾ ਨੇ ਆਖਿਆ ਕਿ ਸਿਟ ਜਾਂਚ ਕਰ ਰਹੀ ਹੈ। ਉਨ੍ਹਾਂ ਆਸ ਜਤਾਈ ਕਿ ਸਿਟ ਦੀ ਰਿਪੋਰਟ ਦਸ ਤੋਂ ਪੰਦਰਾਂ ਦਿਨਾਂ ਵਿੱਚ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਕਾਰਵਾਈ ਜ਼ਰੂਰ ਹੋਵੇਗੀ। ਜੋ ਵੀ ਅਕਾਲੀ ਲੀਡਰ ਜਾਂ ਪੁਲੀਸ ਮੁਲਾਜ਼ਮ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾ ਖ਼ਿਲਾਫ਼ ਪੰਜਾਬ ਸਰਕਾਰ ਨੂੰ ਕਾਰਵਾਈ ਕਰਨੀ ਪਵੇਗੀ।
ਸ੍ਰੀ ਬਾਜਵਾ ਨੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸੇ ਕਿਸਾਨ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਬਾਜਵਾ ਨੇ ਮਾਰਕੀਟ ਕਮੇਟੀ ਕਾਦੀਆਂ ਅਧੀਨ ਆਉਂਦੀਆਂ ਹੋਰ ਦਾਣਾ ਮੰਡੀਆਂ ਦਾ ਜਲਦ ਦੌਰਾ ਕਰਨ ਦਾ ਭਰੋਸਾ ਵੀ ਦਿੱਤਾ।