ਪਟਿਆਲਾ, 7 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ 29 ਨਵੰਬਰ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਜਨਰਲ ਇਜਲਾਸ ਦਾ ਸੱਦਾ ਦਿੱਤਾ ਗਿਆ ਹੈ।  ਜਨਰਲ ਇਜਲਾਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ ਹੋਵੇਗੀ।
ਅੱਜ ਦੀ ਇਕੱਤਰਤਾ ਵਿੱਚ ਦਿੱਲੀ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਨਵੰਬਰ 1984 ਦੇ ਕਤਲੇਆਮ ਦੀਆਂ ਤਸਵੀਰਾਂ ਤਿਆਰ ਕਰਵਾ ਕੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਉਣ ਤੇ ਇਸ ਕਤਲੇਆਮ ਦੇ ਤੱਥ ਬਿਆਨ ਕਰਦੀ ਪੁਸਤਕ ਤਿਆਰ ਕਰਾਉਣ ਲਈ ਤੱਥ-ਪੜਚੋਲ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ 1984 ਦੀ ਸਿੱਖ ਨਸਲਕੁਸ਼ੀ, ਪੰਜਾਬੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ‘ਪਕੋਕਾ’ ਕਾਨੂੰਨ ਦੀ ਨਿਖੇਧੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀਆਂ ਬਿਹਤਰ ਸੇਵਾਵਾਂ ਲਈ ਮੁੱਖ ਸਕੱਤਰ ਅਤੇ ਵਧੀਕ ਸਕੱਤਰ  ਹਰਭਜਨ ਸਿੰਘ ਮਨਾਵਾਂ ਤੇ ਮਹਿੰਦਰ ਸਿੰਘ ਆਹਲੀ ਨੂੰ ਸਕੱਤਰ ਵਜੋਂ ਪਦਉੱਨਤ ਕੀਤਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 16 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਾਠ ਅਤੇ ਅਰਦਾਸ ਕਰ ਕੇ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਵਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 25 ਦਸੰਬਰ 2017 ਨੂੰ ਇੱਕੋ ਦਿਨ ਆਉਣ ਕਰਕੇ ਅਕਾਲ ਤਖ਼ਤ ਤੋਂ ਅਪੀਲ ਕੀਤੀ ਗਈ ਹੈ ਕਿ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣ ਦੀ ਬਜਾਏ 5 ਜਨਵਰੀ 2018 ਨੂੰ ਮਨਾਇਆ ਜਾਵੇ।
ਇਕੱਤਰਤਾ ਉਪਰੰਤ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਬਡੂੰਗਰ ਦੀ ਅਗਵਾਈ ਹੇਠ  ਪਿਛਲੇ ਇੱਕ ਸਾਲ ਤੋਂ ਧਾਰਮਿਕ, ਸਮਾਜਿਕ, ਵਿੱਦਿਅਕ, ਸੱਭਿਆਚਾਰਕ ਤੇ ਸਿਹਤ ਸਹੂਲਤਾਂ ਦੇ ਖੇਤਰਾਂ ’ਚ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ, ਜਿਸ ਕਰਕੇ ਅੰਤ੍ਰਿਗ ਕਮੇਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਤੇ ਯੋਗ ਅਗਵਾਈ ਲਈ ਪ੍ਰਸ਼ੰਸਾ ਮਤਾ ਪਾਸ ਕੀਤਾ ਗਿਆ ਹੈ।

ਅਗਲੇ ਪ੍ਰਧਾਨ ਦੀ ਦਾਅਵੇਦਾਰੀ ਬਾਰੇ ਸਵਾਲ ਅਜੇ ਵਾਜਬ ਨਹੀਂ: ਬਡੂੰਗਰ 
ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਗਲੇ ਪ੍ਰਧਾਨ ਦੀ ਦਾਅਵੇਦਾਰੀ ਬਾਰੇ ਸਵਾਲ ਪੁੱਛਣਾ ਅਜੇ ਵਾਜਬ ਨਹੀਂ ਹੈ, ਕਿਉਂਕਿ ਜਨਰਲ ਇਜਲਾਸ ’ਚ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਆਪੋ-ਆਪਣੀ ਰਾਇ ਰੱਖਣ ਦਾ ਹੱਕ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਸਾਲ ’ਚ ਲਏ ਗਏ ਫ਼ੈਸਲੇ  ਪੂਰਨ ਸਰਬਸੰਮਤੀ ਨਾਲ ਲਏ ਗਏ ਹਨ।

’84 ਦੇ ਦੰਗਿਆਂ ਦੀਆਂ ਤਸਵੀਰਾਂ ਲਾਉਣ ਦੇ ਫ਼ੈਸਲੇ ਦਾ ਸਵਾਗਤ
ਅੰਮ੍ਰਿਤਸਰ: ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਚਿੱਤਰ ਸਿੱਖ ਅਜਾਇਬ ਘਰ ਵਿੱਚ ਲਾਉਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ, ਜਿਸਨੇ ਉਨ੍ਹਾਂ ਦੀ ਇਸ ਮੰਗ ਦਾ ਹਾਂ-ਪੱਖੀ ਜੁਆਬ ਦਿੱਤਾ ਹੈ ਕਿ ਸਿੱਖ ਦਰਦ ਨੂੰ ਦਰਸਾਉਂਦੇ ਚਿੱਤਰ ਅਤੇ ਅਸਲ ਤਸਵੀਰਾਂ ਨੂੰ ਸਿੱਖ ਅਜਾਇਬ ਘਰ ਦਾ ਹਿੱਸਾ ਬਣਾਇਆ ਜਾਵੇ। -ਟ੍ਰਿਬਿਊਨ ਨਿਊਜ਼ ਸਰਵਿਸ