ਬਟਾਲਾ, 26 ਮਾਰਚ: ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੁਕਾਨਦਾਰਾਂ, ਸਬਜ਼ੀ ਵਿਕਰੇਤਾ ਅਤੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਕਿਸੇ ਨੇ ਜਰੂਰਤ ਦੀ ਵਸਤੂ ਨਿਰਧਾਰਤ ਰੇਟ ਤੋਂ ਵੱਧ ਵੇਚੀ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਕਿ ਕੁਝ ਦੁਕਾਨਦਾਰ ਕਾਲਾਬਜ਼ਾਰੀ ਕਰ ਰਹੇ ਹਨ ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜ੍ਹੀ ਵਿੱਚ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸਾਰੀਆਂ ਜਰੂਰੀ ਵਸਤਾਂ ਦੀ ਹੋਮ ਡਲਿਵਰੀ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਉੱਪਰ ਖਾਸ ਨਜ਼ਰ ਰੱਖੀ ਜਾ ਰਹੀ ਹੈ ਕਿ ਲੋਕਾਂ ਨੂੰ ਕੰਟਰੋਲ ਰੇਟ ਉੱਪਰ ਹੀ ਸਮਾਨ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਨਿਰਧਾਰਤ ਰੇਟ ਤੋਂ ਵੱਧ ਰੇਟ ਲਗਾਇਆ ਤਾਂ ਉਸ ਦੁਕਾਨਦਾਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਐੱਸ.ਡੀ.ਐੱਮ. ਬਟਾਲਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਗੱਲ ਪ੍ਰਤੀ ਸੁਚੇਤ ਰਹਿਣ ਕਿ ਉਨ੍ਹਾਂ ਨੂੰ ਮਿਲ ਰਿਹਾ ਸਮਾਨ ਨਿਰਧਾਰਤ ਰੇਟ ਤਹਿਤ ਹੀ ਮਿਲ ਰਿਹਾ ਹੈ ਜਾਂ ਵੱਧ ਰੇਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਵੱਧ ਰੇਟ ਲਗਾਉਂਦਾ ਹੈ ਤਾਂ ਉਸਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।