ਜੋਗਾ, ਵੱਖ-ਵੱਖ ਜ਼ੋਨਾਂ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ‘ਆਪ’ ਵੱਲੋਂ ਅੱਜ ਪਿੰਡ ਅਕਲੀਆ ਦੀ ਅਨਾਜ ਮੰਡੀ ਵਿੱਚ ਰੈਲੀ ਕੀਤੀ ਗਈ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ਰੀਬੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਲੋਕ ਇੱਕਜੁਟਤਾ ਨਾਲ ਹੀ ਇਨਕਲਾਬੀ ਸਿਆਸੀ ਤਬਦੀਲੀ ਲਿਆਂਦੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਜਬਰ ਅਤੇ ਜੰਗਲ ਦਾ ਰਾਜ ਖਤਮ ਕਰਨ ਲਈ ਵੱਡੀ ਸਿਆਸੀ ਤਬਦੀਲੀ ਦੀ ਲੋੜ ਹੈ। ਪੰਜਾਬ ਦੀ ਜਵਾਨੀ ਦੇ ਨਸ਼ਿਆਂ ਵਿੱਚ ਗ੍ਰਸਣ ’ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਹੀਂ ਕੀਤੇ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਨੈਤਿਕਤਾ ਦੇ ਆਧਾਰ ’ਤੇ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਕਾਰਨ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ।
ਕੈਪਟਨ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਮਜੀਠੀਆ ਆਪਸ ਵਿੱਚ ਚਾਚਾ-ਭਤੀਜਾ ਹਨ। ਇਹ ਚਾਚੇ-ਭਤੀਜੇ ਦੀ ਸਰਕਾਰ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਨਵਜੋਤ ਸਿੰਘ ਸਿੱਧੂ ਉਭਾਰ ਰਹੇ ਹਨ, ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਲੋਕਾਂ ਨੂੰ ਸੂਬੇ ਵਿੱਚ ਇਨਕਲਾਬ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਰਣਜੀਤ ਕੌਰ, ਭਿੰਦਰ ਸ਼ਰਮਾ, ਕਾਕਾ ਗੇਹਲੇ ਕਾ, ਜਗਸੀਰ ਸਿੰਘ ਕਾਲੇਕੇ, ਦਵਿੰਦਰ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।