ਐਸ.ਏ.ਐਸ. ਨਗਰ (ਮੁਹਾਲੀ), 26 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਟਿਊਬਵੈੱਲਾਂ ’ਤੇ ਮੀਟਰ ਲਾਉਣ ਨੂੰ ਹਰੀ ਝੰਡੀ ਦੇ ਕੇ ਇੱਕ ਤਰ੍ਹਾਂ ਨਾਲ ਕਿਸਾਨਾਂ ’ਤੇ ਬਿਜਲੀ ਬਿੱਲ ਲਾਗੂ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਅਕਾਲੀ ਦਲ ਵੱਲੋਂ ਪੋਲ ਖੋਲ੍ਹੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਫਰਵਰੀ ਦੇ ਪਹਿਲੇ ਹਫ਼ਤੇ ਪੰਜਾਬ ਭਰ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ, ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਬੁਢਾਪਾ ਤੇ ਵਿਧਵਾ ਪੈਨਸ਼ਨਾਂ ਦੀ ਅਦਾਇਗੀ ਤੋਂ ਹੁਕਮਰਾਨਾਂ ਨੇ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਪੋਲ ਖੋਲ੍ਹੋ ਅੰਦੋਲਨ ਦੌਰਾਨ ‘ਕੈਪਟਨ ਸਾਹਿਬ ਕੀਤੇ ਵਾਅਦਿਆਂ ਦਾ ਹਿਸਾਬ ਦਿਓ’ ਨਾਅਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਕਾਲੀ ਦਲ ਦੀ ਵਾਲੰਟੀਅਰ ਫੋਰਸ ਬਿਜਲੀ ਵਿਭਾਗ ਨੂੰ ਹਰ ਕੀਮਤ ’ਤੇ ਟਿਊਬਵੈੱਲਾਂ ’ਤੇ ਮੀਟਰ ਲਗਾਉਣ ਤੋਂ ਰੋਕੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਮੀਟਰ ਲਗਾਉਣ ਦੀ ਲੋੜ ਕਿਉਂ ਪੈ ਗਈ ਹੈ? ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਜਸਬੀਰ ਕੌਰ ਅੱਤਲੀ, ਜੋਗਿੰਦਰ ਸਿੰਘ ਸਲੈਚ, ਪਰਦੀਪ ਸਿੰਘ ਭਾਰਜ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ।