ਅੰਮ੍ਰਿਤਸਰ, 23 ਅਗਸਤ
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 413ਵਾਂ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਨਗਰ ਕੀਰਤਨ ਦੌਰਾਨ ਗਿਆਨੀ ਜਗਤਾਰ ਸਿੰਘ ਨੇ ਪ੍ਰੰਪਰਾ ਅਨੁਸਾਰ ਆਪਣੇ ਸੀਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾ ਕੇ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਹ ਨਗਰ ਕੀਰਤਨ ਕਰੋੜੀ ਚੌਕ ਅਤੇ ਬਾਬਾ ਸਾਹਿਬ ਚੌਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੂਰਨ ਹੋਇਆ। ਲਗਰ ਕੀਰਤਨ ਵਿੱਚ ਦੂਰੋਂ-ਨੇੜਿਓਂ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਾਏ ਗਏ। ਇਸ ਤੋਂ ਪਹਿਲਾਂ ਅੰਮ੍ਰਿਤ ਵੇਲੇ ਤੋਂ ਸ੍ਰੀ ਆਸਾ ਕੀ ਵਾਰ ਦਾ ਕੀਰਤਨ ਭਾਈ ਅਮਨਦੀਪ ਸਿੰਘ ਦੇ ਜਥੇ ਵੱਲੋਂ ਕੀਤਾ ਗਿਆ।
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਇਤਿਹਾਸ ਵਿੱਚੋਂ ਇਸ ਮਹਾਨ ਨਗਰ ਕੀਰਤਨ ਦੀ ਪ੍ਰੰਪਰਾ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਵੱਲੋਂ 1604 ਈਸਵੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ। ਇਸੇ ਪ੍ਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਡੇ ਜੀਵਨ ਲਈ ਚਾਨਣ ਮੁਨਾਰਾ ਤੇ ਕ੍ਰਾਂਤੀਕਾਰੀ ਫਲਸਫਾ ਹੈ, ਜਿਸਨੂੰ ਅਪਣਾ ਜੀਵਨ ਰੁਸ਼ਨਾਇਆ ਜਾ ਸਕਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਇਸ ਪਾਵਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰ ਕੇ ਹਨੇਰੇ ਵਿੱਚ ਭਟਕਦੇ ਮਨੁੱਖਾ ਜੀਵਨ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ, ਦੀਪਮਾਲਾ ਅਤੇ ਫੁੱਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਚਲਾਈ ਗਈ।