ਚੰਡੀਗੜ੍ਹ, 
ਆਮ ਆਦਮੀ ਪਾਰਟੀ (ਆਪ) ਨੇ ਸੜਕਾਂ ਦੇ ਬੋਰਡਾਂ ਤੋਂ ਲੈ ਕੇ ਰਾਜਧਾਨੀ ਚੰਡੀਗੜ੍ਹ ਦੇ ਦਫ਼ਤਰੀ ਕੰਮਾਂ ਸਬੰਧੀ ਮਾਂ ਬੋਲੀ ਪੰਜਾਬੀ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪੰਜਾਬੀ ਪ੍ਰੇਮੀਆਂ, ਬੁੱਧੀਜੀਵੀਆਂ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ‘ਆਪ’ ਵਿਧਾਇਕਾਂ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆ, ਆਦਿ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਭਾਸ਼ਾ ਨਾਲ ਵਿਤਕਰਾ ਬੰਦ ਨਹੀਂ ਹੋਇਆ। ਇਸ ਵਿਤਕਰੇ ਲਈ ਉਨ੍ਹਾਂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ, ਜੋ 70 ਸਾਲ ਤੋਂ ਕੇਂਦਰ ਅਤੇ ਸੂਬੇ ਦੀ ਸੱਤਾ ’ਤੇ ਕਾਬਜ਼ ਹਨ।
ਪਾਰਟੀ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਤਾਂ ਸੱਤਾ ਹਾਸਲ ਕਰਨ ਲਈ ਪੰਜਾਬੀ ਭਾਸ਼ਾ ਨੂੰ ਹਥਿਆਰ ਵਜੋਂ ਵਰਤਦਾ ਰਿਹਾ ਹੈ ਪਰ ਸੱਤਾ ਵਿੱਚ ਆਉਣ ਮਗਰੋਂ ਬਾਦਲਾਂ ਨੇ ਪੰਜਾਬੀ ਬੋਲੀ ਲਈ ਕਦੇ ਕੋਈ ਠੋਸ ਕਦਮ ਨਹੀਂ ਚੁੱਕਿਆ। ਅੱਜ ਵੀ ਬਾਦਲ ਪਰਿਵਾਰ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ, ਪਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਾ ਤਾਂ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਦਾ ਰੁਤਬਾ ਬਹਾਲ ਕਰਵਾਉਣ ਲਈ ਕੁਝ ਕੀਤਾ ਅਤੇ ਨਾ ਹੀ ਸੂਬੇ ਦੀਆਂ ਸੜਕਾਂ ’ਤੇ ਪੰਜਾਬੀ ਭਾਸ਼ਾ ਨਾਲ ਹੋ ਰਹੇ ਤੀਜੇ ਦਰਜੇ ਵਾਲੇ ਸਲੂਕ ਵਿਰੁੱਧ ਆਵਾਜ਼ ਉਠਾਈ ਹੈ।
ਪਾਰਟੀ ਦੇ ਮੀਤ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਤਾਂ ਸੱਤਾ ਹਾਸਲ ਕਰਨ ਲਈ ਸਮਾਜ ਨੂੰ ਵੰਡ ਸਕਦੇ ਹਨ ਅਤੇ ਗੁਰਬਾਣੀ ਦੇ ਗੁਟਕੇ ’ਤੇ ਹੱਥ ਰੱਖ ਕੇ ਝੂਠ ਵੀ ਬੋਲ ਸਕਦੇ ਹਨ। ਸੱਤਾ ਵਿੱਚ ਆਉਣ ਤੋਂ ਬਾਅਦ ਇਹ ਆਗੂ ਸਾਰੇ ਵਾਅਦੇ ਭੁੱਲ ਜਾਂਦੇ ਹਨ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਆਪ’ ਪੰਜਾਬੀ ਮਾਂ ਬੋਲੀ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਚੁੱਕੇਗੀ।