ਚੰਡੀਗੜ੍ਹ : ਪੰਜਾਬ ਵਿੱਚ ਠੰਡ ਨੇ ਜ਼ੋਰ ਫੜ ਲਿਆ ਹੈ, ਅਤੇ ਲੋਕ ਸਵੇਰੇ-ਸ਼ਾਮ ਠੰਢ ਮਹਿਸੂਸ ਕਰਨ ਲੱਗ ਪਏ ਹਨ। ਸੂਬੇ ਭਰ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੇ ਕੱਲ੍ਹ ਫਰੀਦਕੋਟ ਸਭ ਤੋਂ ਠੰਡਾ ਰਿਹਾ ਇਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਖੁਸ਼ਕ ਰਹੇਗਾ। ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਪੈ ਸਕਦੀ ਹੈ। ਪਰ ਸੰਘਣੀ ਧੁੰਦ ਜਾਂ ਕਿਸੇ ਹੋਰ ਮੌਸਮੀ ਖ਼ਤਰੇ ਦੀ ਕੋਈ ਚੇਤਾਵਨੀ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਸਮਾਨ ਸਾਫ਼ ਰਹੇਗਾ।
ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਈ ਹੈ, ਕਈ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ, ਅੱਜ ਵੀ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। 28 ਨਵੰਬਰ ਤੋਂ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ। ਕਈ ਥਾਵਾਂ ‘ਤੇ ਪਾਰਾ 4 ਤੋਂ 6 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਲੰਧਰ, ਕਪੂਰਥਲਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਇਸ ਸਮੇ ਉੱਤਰੀ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਹੋਰ ਜ਼ਿਲ੍ਹਿਆਂ ਵਿੱਚ, ਦਿਨ ਦਾ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਦੱਖਣ-ਪੱਛਮੀ ਪੰਜਾਬ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਘੱਟ ਰਹੇਗਾ। ਜਦੋਂ ਕਿ ਦੱਖਣੀ ਅਤੇ ਦੱਖਣ-ਪੱਛਮੀ ਪੰਜਾਬ ਵਿੱਚ, ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਹੇਗਾ। ਬਾਕੀ ਇਲਾਕਿਆਂ ਵਿੱਚ, ਤਾਪਮਾਨ ਆਮ ਨਾਲੋਂ ਥੋੜ੍ਹਾ ਘੱਟ ਰਹਿਣ ਦੀ ਉਮੀਦ ਹੈ।














