ਬੰਗਾ, 24 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਦੇ ਸ਼ਕਤੀਕਰਨ ਦਾ ਤਹੱਈਆ ਕੀਤਾ ਤੇ ਪੰਜਾਬ ਵਾਸੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟ ਦੇਣ ਲਈ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਦਾ ਇਹ ਇਤਿਹਾਸਕ ਦਿਹਾੜਾ ਨੌਜਵਾਨਾਂ ਦੇ ਸ਼ਕਤੀਕਰਨ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਡੈਪੋ (ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ) ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਜੰਗ ’ਚ ਪੰਜਾਬ ਦੇ ਨਾਗਰਿਕਾਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਜੋੜਿਆ ਗਿਆ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੇਪੋ ਮੁਹਿੰਮ ਤਹਿਤ ਆਪਣੇ ਆਲੇ-ਦੁਆਲੇ, ਮੁਹੱਲਿਆਂ ਜਾਂ ਸਬੰਧਤ ਥਾਵਾਂ ’ਤੇ ਕੰਮ ਕਰਨ ਲਈ ਹੋਰ ਸਮਰਪਿਤ ਵਾਲੰਟੀਅਰ ਨਾਲ ਜੋੜੇ ਜਾਣਗੇ ਜੋ ਸਥਾਨਕ ਪ੍ਰਸ਼ਾਸਨ, ਪੁਲੀਸ ਅਤੇ ਐੱਸਟੀਐੱਫ ਨਾਲ ਤਾਲਮੇਲ ਬਿਠਾਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਮੁਹਿੰਮ ਦੌਰਾਨ ਡੈਪੋ ਦੀ ਵੈੱਬਸਾਈਟ ’ਤੇ ਹੁਣ ਤੱਕ 4.25 ਲੱਖ ਵਾਲੰਟੀਅਰ ਰਜਿਸਟਰ ਹੋ ਚੁੱਕੇ ਹਨ ਅਤੇ ਇਸ ਸਬੰਧੀ ਹੋਰ ਅਰਜ਼ੀਆਂ ਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਅਤੇ ਸ਼ਹੀਦ ਭਗਤ ਸਿੰਘ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ’ਤੇ ਸ਼ਰਧਾਂਜਲੀ ਦਿੱਤੀ।
ਮੁਹਾਲੀ ਹਵਾਈ ਅੱਡੇ ਦੇ ਨਾਂ ਦਾ ਮਾਮਲਾ ਕੇਂਦਰ ਕੋਲ ਚੁੱਕਾਂਗੇ: ਕੈਪਟਨ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਮਸਲੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੀ ਹੈ ਅਤੇ ਉਹ ਨਿੱਜੀ ਤੌਰ ’ਤੇ ਵੀ ਇਹ ਮਾਮਲਾ ਉਠਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਆਪਣੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦਾ ਸੱਦਾ ਦਿੱਤਾ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਨੌਜਵਾਨਾਂ ਲਈ ਨਵੀਂ ਨੀਤੀ ਬਣਾਉਣ ਦੀ ਬੇਨਤੀ ਕੀਤੀ ਜਿਸ ਰਾਹੀਂ ਉਨ੍ਹਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਾਗਰ ਮਿਲੇੇ ਤਾਂ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਭੱਜਣ ਤੋਂ ਰੋਕਿਆ ਜਾ ਸਕੇ ਅਤੇ ਵਿਦੇਸ਼ਾਂ ’ਚ ਬੈਠੇ ਨੌਜਵਾਨਾਂ ਨੂੰ ਵਤਨ ਵੱਲ ਮੋੜਿਆ ਜਾ ਸਕੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼ਹੀਦ ਭਗਤ ਸਿੰਘ, ਸੁਖਦੇਵ ਦੇ ਪਰਿਵਾਰਕ ਮੈਂਬਰ, ਸੈਰ ਸਪਾਟਾ ਤੇ ਸੱਭਿਆਚਾਰਕ ਦੇ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਅੰਗਦ ਸਿੰਘ, ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਵੀ ਹਾਜ਼ਰ ਸਨ।

ਅਕਾਲੀਆਂ ਦੇ ਨਿਸ਼ਾਨੇ ’ਤੇ ਰਹੇ ਮਨਪ੍ਰੀਤ ਤੇ ਸਿੱਧੂ
ਬੰਗਾ: ਖਟਕੜ ਕਲਾਂ ਵਿੱਚ ਅੱਜ ‘ਪੋਲ ਖੋਲ੍ਹ ਰੈਲੀ’ ਦੇ ਮੰਚ ਤੋਂ ਅਕਾਲੀ ਆਗੂਆਂ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਰੱਖਿਆ। ਬੁਲਾਰਿਆਂ ਨੇ ਇਨ੍ਹਾਂ ਮੰਤਰੀਆਂ ਨੂੰ ਦਲਬਦਲੂ ਦੱਸਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੇ ਕੰਮਾਂ ’ਤੇ ਆਪਣੀ ਮੋਹਰ ਲਾਉਣਾ ਬਹੁਤ ਹਾਸੋਹੀਣਾ ਹੈ।     -ਵੇਰਵੇ ਸਫ਼ਾ 3 ’ਤੇ