ਚੰਡੀਗੜ੍ਹ, ਪੰਜਾਬ ’ਚ ਅਤਿਵਾਦ ਸਮੇਂ ਦੌਰਾਨ ਫਰਜ਼ੀ ਪੁਲੀਸ ਮੁਕਾਬਲਿਆਂ ਤੇ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਾ ਮੁੜ ਸੁਰਖ਼ੀਆਂ ਵਿਚ ਆ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਰਾਸ਼ਟਰੀ ਪੱਧਰ ਦੀ ਗੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਨੇ ਅੱਜ ਇਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਨਾਲ ਮਿਲਣੀ ਕੀਤੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸੰਸਥਾ ਨੇ 1980 ਤੋਂ 1995 ਦੇ ਅਤਿਵਾਦ ਦੇ ਦੌਰ ਸਮੇਂ ਪੰਜਾਬ ’ਚ 8257 ਨੌਜਵਾਨਾਂ ਨੂੰ ਕਥਿਤ ਤੌਰ ’ਤੇ ਝੂਠੇ  ਪੁਲੀਸ ਮੁਕਾਬਲਿਆਂ  ’ਚ ਮਾਰਨ ਅਤੇ ਲਾਪਤਾ ਹੋਣ ਵਾਲੇ ਲੋਕਾਂ ਦੀ ਪਛਾਣ ਕੀਤੀ  ਹੈ। ਇਨ੍ਹਾਂ ਅੰਕੜਿਆਂ ਵਿੱਚ ਦੋ ਹਜ਼ਾਰ ਲੋਕ ਉਹ ਹਨ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਸੀ। ਸੰਸਥਾਂ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ’ਚ ਪਟਿਸ਼ਨ ਦਾਇਰ ਕੀਤੀ ਜਾਵੇਗੀ।
ਅੱਜ ਇਥੇ ਸੰਸਥਾ ਦੇ ਅਹੁਦੇਦਾਰ ਸਤਨਾਮ ਸਿੰਘ ਬੈਂਸ ਬਰਿਸਟਰ ਲੰਡਨ, ਬੰਬੇ ਹਾਈ ਕੋਰਟ ਦੇ ਸਾਬਕਾ ਜਸਟਿਸ ਸੁਰੇਸ਼ ਹੋਸਪੇਟ, ਐਡਵੋਕੇਟ ਜਗਜੀਤ ਸਿੰਘ ਬਟਾਲਾ, ਜਗਜੀਤ ਸਿੰਘ ਬਾਜਵਾ, ਬਲਜਿੰਦਰ ਸਿੰਘ, ਮਹਿੰਦਰ ਸਿੰਘ ਨੇ ਦੱਸਿਆ ਕਿ 87 ਹਜ਼ਾਰ ਦੇ ਕਰੀਬ ਚਸ਼ਮਦੀਦ ਗਵਾਹਾਂ, ਦਸਤਾਵੇਜ਼, ਅੰਕੜਿਆਂ ਦੀ ਰਿਪੋਰਟ,  ਵੱਖ ਵੱਖ ਜ਼ਿਲ੍ਹਿਆਂ ’ਚ ਪੀੜਤਾਂ ਨਾਲ ਗੱਲਬਾਤ ਕਰਨ ਅਤੇ ਨਗਰ ਕੌਸਲਾਂ ਤੋਂ ਇਕੱਠੇ ਕੀਤੇ ਰਿਕਾਰਡ ਤੋਂ ਇਹ ਤੱਥ ਪ੍ਰਾਪਤ ਕੀਤੇ ਗਏ ਹਨ ਕਿ 1980 ਤੋਂ 1995 ਦਰਮਿਆਨ ਹੋਈਆਂ ਜਨਤਕ ਹੱਤਿਆਵਾਂ ਅਤੇ ਫਰਜ਼ੀ ਮੁਕਾਬਲਿਆਂ ਵਿੱਚ 8257 ਵਿਅਕਤੀ ਲਾਪਤਾ ਹੋਏ ਸਨ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿਰਫ 1527 ਮਾਮਲਿਆਂ ਵਿੱਚ ਹੀ ਪੀੜਤਾਂ ਨੂੰ ਨਾਮ ਮਾਤਰ ਮੁਆਵਜ਼ਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜਾਂਚ ਦਾ ਘੇਰਾ ਸਰਹੱਦੀ ਤਿੰਨ ਜ਼ਿਲ੍ਹਿਆਂ ਦੀਆਂ ਕੇਵਲ 2067 ਹੱਤਿਆਵਾਂ ਤੱਕ ਸੀਮਤ ਰੱਖਿਆ ਸੀ ਜਦਕਿ ਅੰਮ੍ਰਿਤਸਰ ਸ਼ਮਸ਼ਾਨ ਘਾਟ ’ਚ 2097 ਲੋਕਾਂ ਦੇ ਸਸਕਾਰ ਕਰਨ ਦਾ ਰਿਕਾਰਡ ਸੀ। ਸੰਸਥਾ ਦੇ ਆਗੂਆਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸੂਬੇ ਦੇ 22 ਜ਼ਿਲ੍ਹਿਆਂ ਦੇ ਕਸਬਿਆਂ, ਸ਼ਹਿਰਾਂ ’ਚ ਪੀੜਤਾਂ ਨਾਲ ਰਾਬਤਾ ਕਾਇਮ ਕੀਤਾ ਪਰ ਗੁਰਦਾਸਪੁਰ ਜ਼ਿਲ੍ਹੇ ਦੇ 1700 ਪਿੰਡਾਂ ਦਾ ਦੌਰਾ ਕਰਨ ਮੌਕੇ ਪਤਾ ਲੱਗਾ ਕਿ ਇਹ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ ਹੈ। ਮਨੁੱਖੀ ਅਧਿਕਾਰਾਂ ਦੀ ਸਭ ਤੋਂ ਪਹਿਲਾਂ ਅਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ, ਜਿਸ ਨੂੰ ਪੁਲੀਸ ਨੇ ਘਰੋਂ ਚੁੱਕਿਆ ਤੇ ਤਸੀਹੇ ਦੇ ਕੇ ਮਾਰ ਦਿੱਤਾ ਸੀ, ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਸਰਕਾਰ ਅਣਪਛਾਤੇ ਲੋਕਾਂ ਦੀ ਪਛਾਣ ਲਈ ਕੁਝ ਨਹੀਂ ਕਰ ਰਹੀ। ਉਹ ਪਿਛਲੇ 22 ਸਾਲ ਤੋਂ ਨਿਆਂ ਦੀ ਲੜਾਈ ਲੜ ਰਹੇ ਹਨ ਅਤੇ ਸਮੇਂ ਦੇ ਹੁਕਮਰਾਨਾਂ ਨੇ ਲਾਸ਼ਾਂ ’ਤੇ ਰਾਜ ਤਾਂ ਕੀਤਾ ਹੈ, ਪਰ ਪੀੜਤਾਂ ਦੇ ਹਿਤ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਵਕਤੀ ਮੌਤ ਦੇ ਮੂੰਹ ਵਿਚ ਜਾਣ ਵਾਲੇ ਸਿੱਖਾਂ, ਮੁਸਲਮਾਨਾਂ, ਹਿੰਦੂ ਤੇ ਇਸਾਈਆਂ ਵਿੱਚੋਂ 90% ਲੋਕ ਸਿੱਖ ਸਨ। ਸਤਨਾਮ ਸਿੰਘ ਬੈਂਸ ਨੇ ਹੁਕਮਰਾਨਾਂ ’ਤੇ ਟਿਪਣੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਜ਼ਮੀਨਾਂ ਦੇ ਮਾਮਲੇਂ ਨਜਿੱਠਣ ਲਈ ਤਾਂ ਐਨ.ਆਰ.ਆਈ ਕੋਰਟ ਤੱਕ ਬਣਾ ਦਿੱਤੀ ਹੈ ਤੇ ਕੇਸਾਂ ਦਾ ਨਿਪਟਾਰਾ ਵੀ ਸਮਾਂਬੱਧ ਕਰ ਦਿੱਤਾ ਹੈ ਪਰ ਪਿਛਲੇ ਢਾਈ ਦਹਾਕਿਆਂ ਤੋਂ ਲਟਕ ਰਹੇ ਇਨ੍ਹਾਂ ਮਾਮਲਿਆਂ ਬਾਰੇ ਕੁਝ ਨਹੀਂ ਕੀਤਾ।