ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਇਕ ਹਫ਼ਤੇ ਵਿੱਚ ਹੋਵੇਗੀ ਸ਼ੁਰੂ

ਅਗਲੇ ਵਿੱਦਿਅਕ ਵਰੇ ਤੋਂ ਹਰੇਕ ਹਲਕੇ ਵਿੱਚ ਬਣਨਗੇ 10-10 ਮਾਡਲ ਸਕੂਲ

ਚੰਡੀਗੜ, 15 ਫਰਵਰੀ

ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਇਸ ਮੰਤਵ ਲਈ ਤਿੰਨੇ ਜ਼ਿਲਿਆਂ ਦੇ ਜ਼ਿਲਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ ਤਕਰੀਬਨ 20 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਉਤੇ ਕੰਮ ਛੇਤੀ ਸ਼ੁਰੂ ਹੋਵੇਗਾ। ਇਨਾਂ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ ਪ੍ਰਾਜੈਕਟਰਾਂ ਤੇ ਤੇਜ਼ ਰਫ਼ਤਾਰ ਇੰਟਰਨੈੱਟ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਸੁਖਾਲੀ ਤੇ ਵੱਧ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨਾਂ ਹੋਰ ਕਿਹਾ ਕਿ ਇਨਾਂ ਸਕੂਲਾਂ ਵਿੱਚ ਸਮਾਰਟ ਕਲਾਸ ਰੂਮਾਂ ਤੋਂ ਇਲਾਵਾ ਛੱਤਾਂ ਉਤੇ ਸੌਰ ਊਰਜਾ ਪਲਾਂਟ ਵੀ ਲਾਏ ਜਾਣਗੇ। ਉਨਾਂ ਇਹ ਵੀ ਐਲਾਨ ਕੀਤਾ ਕਿ ਵਿਭਾਗ ਨੇ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਲਈ 10 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਅਗਲੇ ਵਿੱਦਿਅਕ ਸੈਸ਼ਨ ਤੋਂ ਹਰੇਕ ਹਲਕੇ ਵਿੱਚ 10-10 ਮਾਡਲ ਸਕੂਲ ਬਣਾਏ ਜਾਣਗੇ।

ਹੋਰ ਵੇਰਵੇ ਦਿੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਵਰਦੀਆਂ ਲਈ 80 ਕਰੋੜ ਰੁਪਏ ਦੇ ਟੈਂਡਰ ਵੀ ਅਲਾਟ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਇਕ ਹਫ਼ਤੇ ਵਿੱਚ ਵਰਦੀਆਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਉਨਾਂ ਹੋਰ ਕਿਹਾ ਕਿ ਹੁਣ ਤੱਕ ਕੁੱਲ 2524 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਇਸ ਸਮੁੱਚੀ ਕਵਾਇਦ ਦਾ ਮਕਸਦ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਦਾ ਸਭ ਤੋਂ ਅਹਿਮ ਪ੍ਰਾਜੈਕਟ ਹੈ, ਜਿਸ ਦਾ ਮਕਸਦ ਪੰਜਾਬ ਦੇ ਸਿੱਖਿਆ ਢਾਂਚੇ ਦਾ ਨਵੀਨੀਕਰਨ ਕਰਨਾ ਹੈ। ਉਨਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਧ-ਫੁੱਲ ਰਹੇ ਪ੍ਰਾਈਵੇਟ ਸਕੂਲ ਸੱਭਿਆਚਾਰ ਨੂੰ ਵੀ ਠੱਲ ਪਵੇਗੀ। ਉਨਾਂ ਕਿਹਾ ਕਿ ਇਨਾਂ ਸਮਾਰਟ ਸਕੂਲਾਂ ਵਿੱਚੋਂ ਨਿਕਲਣ ਵਾਲੇ ਵਿਦਿਆਰਥੀ ਇਸ ਮੁਕਾਬਲੇ ਦੇ ਯੁੱਗ ਵਿੱਚ ਕੋਈ ਵੀ ਪ੍ਰੀਖਿਆ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣਗੇ।