ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ

ਚੰਡੀਗੜ੍ਹ , 14 ਫ਼ਰਵਰੀ :

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ।

ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ‘ਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਹੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।

ਸ. ਧਰਮਸੋਤ ਨੇ ਜੰਗਲਾਤ ਮੰਤਰੀ ਵੱਲੋਂ ਕਰਮਚਾਰੀਆਂ/ਅਧਿਕਾਰੀਆਂ ਨੂੰ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਹੋਰ ਵੱਧ ਮਿਹਨਤ ਕਰਨ ਅਤੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਜੰਗਲਾਤ ਮੰਤਰੀ ਨੇ ਜਥੇਬੰਦੀਆਂ ਦੀਆਂ ਹੋਰਨਾਂ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸ੍ਰੀ ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।