ਸਰਕਾਰ ਵਲੋਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ 

– ਜਨਤਕ ਥਾਵਾਂ ‘ਤੇ 20 ਤੋਂ ਵੱਧ ਲੋਕ ਨਹੀਂ ਹੋ ਸਕਣਗੇ ਇਕੱਠੇ 

 ਚੰਡੀਗੜ੍ਹ

ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਇਸ ਸਬੰਧੀ  ਵੀਰਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਮੀਟਿੰਗ ਦੌਰਾਨ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਅੱਜ ਰਾਤ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਕੱਲ੍ਹ ਤੋਂ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਤੋੜਦੀਆਂ ਨਜ਼ਰ ਨਹੀਂ ਆਉਣਗੀਆਂ। ਸਰਕਾਰ ਵਲੋਂ ਸਿਰਫ ਆਟੋ ਅਤੇ ਰਿਕਸ਼ਾ ਚਲਾਉਣ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਲੋਕਾਂ ਦੀ ਭੀੜ ਘਟਾਉਣ ਲਈ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਨਤਕ ਥਾਵਾਂ ‘ਤੇ 50 ਦੀ ਬਜਾਏ 20 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇੇ। ਇਸਦੇ ਨਾਲ ਹੀ ਸੂਬੇ ਅੰਦਰ ਸਾਰੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।ਐਨਸੀਆਰਟੀ ਵਲੋਂ ਇਸਤੋਂ ਪਹਿਲਾਂ ਹੀ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਅੰਦਰ ਦਸਵੀਂ ਅਤੇ ਬਾਰਵੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ  ਸਰਕਾਰ ਵਲੋਂ ਐਨਸੀਆਰਟੀ ਦੇ ਹੁਕਮਾਂ ਨੂੰ ਧਿਆਨ ‘ਚ ਰੱਖਦੇ ਹੋਏ ਹੀ ਅਗਲੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਸਕੱਤਰੇਤ ਅਤੇ ਸਰਕਾਰੀ ਦਫਤਰਾਂ ‘ਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਤੱਕ ਸਿਰਫ ਇਕ ਮਰੀਜ਼ ਹੀ ਸਾਹਮਣੇ ਆਇਆ ਹੈ। ਬੁੱਧਵਾਰ ਨੂੰ ਚੰਡੀਗੜ੍ਹ ‘ਚ ਸੈਕਟਰ-21 ਦੀ ਰਹਿਣ ਵਾਲੀ ਇਕ ਔਰਤ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ।