ਚੰਡੀਗੜ੍ਹ : ਪੰਜਾਬ ਹਰਿਆਣਾ ਵਿੱਚ ਇਸ ਸਮੇਂ ਭਾਰੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਮੌਸਮ ਵਿਭਾਗ ਅਨੁਸਾਰ ਅੱਜ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੇ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ, ਮੱਲ੍ਹਾਕੋਟਲਾ, ਮੌੜਕੋਟਲਾ ਸਾਹਿਬ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜੰਮੂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਚੱਕਰਵਾਤੀ ਹਵਾਵਾਂ ਚੱਲ ਰਹੀਆਂ ਹਨ। ਇਹ ਪ੍ਰਣਾਲੀ ਜ਼ਮੀਨ ਤੋਂ ਲਗਭਗ 3 ਤੋਂ 4.5 ਕਿਲੋਮੀਟਰ ਉੱਪਰ ਸਥਿਤ ਹੈ ਅਤੇ ਉੱਚ-ਉਚਾਈ ਵਾਲੀਆਂ ਹਵਾਵਾਂ ਨਾਲ ਜੁੜੀ ਹੋਈ ਹੈ। ਬੁੱਧਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦ੍ਰਿਸ਼ਟੀ ਘੱਟ ਗਈ। ਇਸ ਨਾਲ ਵਸਨੀਕਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ।
ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸਵੇਰੇ ਅਤੇ ਸ਼ਾਮ ਨੂੰ ਵਿਜ਼ੀਬਿਲਿਟੀ ਘੱਟ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਕੈਥਲ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ ਅਤੇ ਨੂਹ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। 31 ਜਨਵਰੀ ਨੂੰ ਦੱਖਣੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ, ਮਹਿੰਦਰਗੜ੍ਹ, ਰੇਵਾੜੀ, ਮੇਵਾਤ ਅਤੇ ਪਲਵਲ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ 1 ਫਰਵਰੀ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 31 ਜਨਵਰੀ ਅਤੇ 3 ਫਰਵਰੀ ਨੂੰ ਇੱਕ-ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 2 ਫਰਵਰੀ ਨੂੰ ਰਾਜ ਦੇ ਕੁਝ ਇਲਾਕਿਆਂ ਵਿੱਚ ਵੀ ਬਾਰਿਸ਼ ਹੋਣ ਦੀ ਉਮੀਦ ਹੈ। ਅਗਲੇ ਦੋ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ 3 ਤੋਂ 5 ਡਿਗਰੀ ਦਾ ਵਾਧਾ ਹੋਣ ਦੀ ਉਮੀਦ ਹੈ।














