ਮੂਨਕ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਦੇਸ਼ ਵਾਸੀਆਂ ਦਾ ਕਚੂਮਰ ਕੱਢ ਦਿੱਤਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਐਨਡੀਏ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ।
ਉਨ੍ਹਾਂ ਇੱਥੇ ਹੰਸਰਾਜ ਟਰੱਸਟ ਦੇ ਚੇਅਰਮੈਨ ਆਰ ਕੇ ਗਰਗ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੇਸ਼ ਵਿਚ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 150 ਡਾਲਰ ਬੈਰਲ ਸੀ, ਪਰ ਉਦੋਂ ਵੀ ਕਾਂਗਰਸ ਸਰਕਾਰ ਨੇ ਪੈਟਰੋਲ ਦੀ ਕੀਮਤ 80 ਰੁਪਏ ਤੋਂ ਉਪਰ ਨਹੀਂ ਜਾਣ ਦਿੱਤੀ ਸੀ। ਜਦੋਂ ਭਾਜਪਾ ਦੀ ਸਰਕਾਰ ਸੱਤਾ ਵਿਚ ਆਈ ਤਾਂ ਉਸ ਸਮੇਂ 40 ਡਾਲਰ ਪ੍ਰਤੀ ਬੈਰਲ ਕੀਮਤ ਹੋਣ ਦੇ ਬਾਵਜੂਦ ਇਸ ਦਾ ਲਾਭ ਜਨਤਾ ਨੂੰ ਨਹੀਂ ਦਿੱਤਾ ਗਿਆ। ਸ੍ਰੀ ਸਿੱਧੂ ਨੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪਿੰਡ ਬਾਦਲ ਸਮੇਤ ਪੰਜਾਬ ਵਿਚ ਕਿਤੇ ਵੀ ਬਹਿਸ ਲਈ ਖੁੱਲ੍ਹੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਵਿਚ ਫੈਲੀ ਬੇਚੈਨੀ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਢਾਈ ਏਕੜ ਦੇ ਕਰਜ਼ੇ ਮੁਆਫ਼ ਕਰਨ ਤੋਂ ਬਾਅਦ ਛੇਤੀ ਹੀ ਪੰਜ ਏਕੜ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੌਕੇ ਨਰੇਸ਼ ਕੁਮਾਰ ਤਨੇਜਾ, ਸੰਜੀਵ ਕੁਮਾਰ ਕਾਲੂ, ਅਜੈ ਕੁਮਾਰ ਗਰਗ, ਆਰ ਕੇ ਗਰਗ, ਭੀਮ ਸੇਨ ਗਰਗ, ਦੁਰਗਾ ਦਾਸ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।