ਫਤਹਿਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਪਗ 55 ਲੱਖ ਸਿੱਖ ਵੋਟਰਾਂ ਵੱਲੋਂ ਚੁਣੀ ਗਈ ਹੈ। ਉਨ੍ਹਾਂ ਕਿਹਾ ਕਿ ਬੈਠੇ ਪੰਜ-ਸੱਤ ਸੌ ਬੰਦਿਆਂ ਦਾ ਇਕੱਠ ਅਕਾਲ ਤਖ਼ਤ ਦਾ ਜਥੇਦਾਰ ਨਹੀਂ ਚੁਣ ਸਕਦਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦਾ ਜਥੇਦਾਰ ਨਿਯੁਕਤ ਕਰਨ ਦੀ ਮਰਿਆਦਾ ਤੇ ਵਿਧੀ ਵਿਧਾਨ ਹੈ।
ਅਕਾਲ ਤਖ਼ਤ ਵਿਖੇ ਅੱਜ ਮੁਤਵਾਜ਼ੀ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਬਾਰੇ ਪ੍ਰੋ. ਬਡੂੰਗਰ ਨੇ ਕਿਹਾ ਕਿ ਇਨ੍ਹਾਂ ਆਪੂ ਬਣੇ ਜਥੇਦਾਰਾਂ ਵੱਲੋਂ ਸਮੇਂ-ਸਮੇਂ ’ਤੇ ਪੰਥ ਨੂੰ ਬਦਨਾਮ ਕਰਨ ਲਈ ਗੁਰਦੁਆਰਿਆਂ ਅੰਦਰ ਝਗੜੇ ਕਰਕੇ ਮਾਹੌਲ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਨ੍ਹਾਂ ਨੇ ਅਜਿਹੀ ਹਰਕਤ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਇਹ ਹਮੇਸ਼ਾ ਅਕਾਲ ਤਖ਼ਤ ਦੀ ਮਰਿਆਦਾ ਨੂੰ ਢਾਹ ਲਾਉਣ ਹੀ ਆਉਂਦੇ ਹਨ। ਉਨ੍ਹਾਂ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਆਪੁੂ ਬਣੇ ਜਥੇਦਾਰ ਪੰਥ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਲੰਗਰਾਂ ’ਤੇ ਜੀਐਸਟੀ ਲੱਗਿਆ, ਗੁਰੂ ਘਰਾਂ ’ਤੇ ਹਮਲੇ ਹੋਏ ਤਾਂ ਇਹ ‘ਜਥੇਦਾਰ’ ਉਦੋਂ ਕਿਉਂ ਨਹੀਂ ਬੋਲੇ ?
ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ। ਬੇਅਦਬੀ ਮਾਮਲੇ ਦੀ ਜਾਂਚ ਕੇਂਦਰ ਸਰਕਾਰ ਨੂੰ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਸੱਚ ਲੋਕਾਂ ਦੀ ਕਚਹਿਰੀ ਵਿੱਚ ਆ ਸਕੇ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਿਠਾਉਣ ਦੀ ਕੋਈ ਲੋੜ ਨਹੀਂ ਸੀ, ਕਿਉਂਕਿ ਸਰਕਾਰ ਹੀ ਬਦਲੀ ਹੈ, ਪ੍ਰਸ਼ਾਸਨ ਤੇ ਪੁਲੀਸ ਪਹਿਲਾਂ ਵਾਲੀ ਹੀ ਹੈ। ਉਨ੍ਹਾਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ।