ਐੱਸਏਐੱਸ ਨਗਰ (ਮੁਹਾਲੀ), 23 ਮਈ
ਇਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ਵਿੱਚ ਦੋ ਧਿਰਾਂ ਵਿੱਚ ਵਿਵਾਦ ਦੌਰਾਨ ਪੰਜਾਬੀ ਅਖ਼ਬਾਰ ਦੇ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਨੂੰ ਫੇਜ਼-1 ਥਾਣੇ ਵਿੱਚ ਲਿਆ ਕੇ ਪੁਲੀਸ ਮੁਲਾਜ਼ਮਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਅਤੇ ਗਾਲਾਂ ਕੱਢਣ ਦੇ ਮਾਮਲੇ ਵਿੱਚ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਦੋ ਏਐੱਸਆਈਜ਼ ਓਮ ਪ੍ਰਕਾਸ਼ ਅਤੇ ਅਮਰ ਨਾਥ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਤੇ ਦੋਵਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ। ਮਾਮਲੇ ਦੀ ਜਾਂਚ ਐੱਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਕਰ ਰਹੇ ਹਨ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਵੀ ਐੱਸਐੱਸਪੀ ਤੋਂ ਰਿਪੋਰਟ ਤਲਬ ਕੀਤੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮੁੱਚੇ ਮਾਮਲੇ ਦੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਕਰਨ ਦਾ ਮਾਮਲਾ ਕਾਫੀ ਭਖ ਗਿਆ ਹੈ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਪ੍ਰੈੱਸ ਕਲੱਬ ਐੱਸਏਐੱਸ ਨਗਰ (ਮੁਹਾਲੀ) ਦਾ ਵਫ਼ਦ ਅੱਜ ਅਧਿਕਾਰੀਆਂ ਨੂੰ ਮਿਲਿਆ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਪੱਤਰਕਾਰ ਦੀ ਦਸਤਾਰ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਦੋਵੇਂ ਥਾਣੇਦਾਰਾਂ ਦੇ ਖ਼ਿਲਾਫ਼ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ।