ਅੰਮ੍ਰਿਤਸਰ, ਬਰਖ਼ਾਸਤ ਕੀਤੇ ਪੰਜ ਪਿਆਰਿਆਂ ਨੇ ਅੱਜ ਨਵੰਬਰ 2015 ’ਚ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸਮਰਥਨ ਕਰਦਿਆਂ ਆਖਿਆ ਕਿ ਅਕਾਲ ਤਖ਼ਤ ਦਾ ਅਗਲਾ ਜਥੇਦਾਰ ਅਜਿਹਾ ਹੋਣਾ ਚਾਹੀਦਾ ਹੈ, ਜੋ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਹੋਵੇ। ਉਨ੍ਹਾਂ ਅੱਜ ਇੱਥੇ ਅਕਾਲ ਤਖ਼ਤ ’ਤੇ ਇਸ ਮੁੱਦੇ ’ਤੇ ਅਰਦਾਸ ਕੀਤੀ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਜਥੇਦਾਰ ਦੇ ਨਾਵਾਂ ਬਾਰੇ ਚਰਚਾ ਚੱਲ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਭਲਕੇ 22 ਅਕਤੂਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਜਾਂ ਨਾ ਕਰਨ ਸਬੰਧੀ ਫ਼ੈਸਲਾ ਹੋਵੇਗਾ, ਜੇ ਅਸਤੀਫ਼ਾ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਆਰਜ਼ੀ ਤੌਰ ’ਤੇ ਜਥੇਦਾਰ ਦੀ ਨਿਯੁਕਤੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਅਜਿਹੀ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਕੁਝ ਸਮੇਂ ਵਾਸਤੇ ਕਿਸੇ ਵੀ ਸਿੰਘ ਸਾਹਿਬਾਨ ਨੂੰ ਅਕਾਲ ਤਖ਼ਤ ਦਾ ਵਾਧੂ ਕਾਰਜ-ਭਾਰ ਸੌਂਪ ਸਕਦੀ ਹੈ।
ਇਸ ਮੁੱਦੇ ਨੂੰ ਲੈ ਕੇ ਅੱਜ ਇੱਥੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਸਾਹਮਣੇ ਪਾਠ ਕੀਤਾ ਗਿਆ ਤੇ ਮਗਰੋਂ ਅਰਦਾਸ ਕੀਤੀ ਗਈ। ਪੰਜ ਪਿਆਰਿਆਂ ਵਿਚ ਭਾਈ ਸਤਨਾਮ ਸਿੰਘ ਖ਼ਾਲਸਾ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਤੇ ਭਾਈ ਮੰਗਲ ਸਿੰਘ ਸ਼ਾਮਲ ਸਨ। ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਸਿੱਖ ਕੌਮ ਨੂੰ ਅਗਲਾ ਜਥੇਦਾਰ ਅਕਾਲੀ ਫੂਲਾ ਸਿੰਘ ਵਰਗਾ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਜਗਤਾਰ ਸਿੰਘ ਹਵਾਰਾ, ਜੋ ਇਸ ਵੇਲੇ ਜੇਲ੍ਹ ਵਿਚ ਬੰਦ ਹਨ, ਨੂੰ ਸਿੱਖ ਕੌਮ ਦਾ ਵੱਡਾ ਹਿੱਸਾ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਪ੍ਰਵਾਨ ਕਰ ਚੁੱਕਾ ਹੈ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਉਹੀ ਜਥੇਦਾਰ ਸਿੱਖ ਕੌਮ ਨੂੰ ਪ੍ਰਵਾਨ ਹੋਵੇਗਾ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰੇਗਾ।
ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤੇ ਅਸਤੀਫ਼ੇ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਸਿੱਖ ਕੌਮ ਦੇ ਸਿਧਾਂਤਾਂ ਅਤੇ ਤਖ਼ਤ ਦੇ ਗੌਰਵ ਨੂੰ ਢਾਹ ਲਾਈ ਹੈ, ਚੰਗਾ ਹੁੰਦਾ ਕਿ ਜੇ ਉਹ ਤਿੰਨ ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੰਦੇ। ਉਨ੍ਹਾਂ ਦੋਸ਼ ਲਾਇਆ ਕਿ ਰਾਜਸੀ ਸੱਤਾ ਦੇ ਨਸ਼ੇ ਵਿਚ ਹੁਕਮਰਾਨਾਂ ਨੇ ਪੰਚ ਪ੍ਰਧਾਨੀ ਮਰਿਆਦਾ ਨੂੰ ਅਣਡਿੱਠਾ ਕੀਤਾ ਤੇ ਆਵਾਜ਼ ਬੁਲੰਦ ਕਰਨ ਵਾਲੇ ਪੰਜ ਪਿਆਰਿਆਂ ਨੂੰ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਵਾਲੇ ਫ਼ੈਸਲੇ ਵਿਚ ਸ਼ਾਮਲ ਬਾਕੀ ਜਥੇਦਾਰਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।