ਫ਼ਤਹਿਗੜ੍ਹ ਸਾਹਿਬ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਪੜਤਾਲ ਲਈ ਰਾਜ ਸਰਕਾਰ ਵੱਲੋਂ ਕਾਇਮ ਕਮਿਸ਼ਨ ਦੇ ਚੇਅਰਮੈਨ ਰਿਟਾ. ਜਸਟਿਸ ਰਣਜੀਤ ਸਿੰਘ ਨੇ ਅੱਜ ਨੇੜਲੇ ਪਿੰਡ ਸਿੰਧੜਾਂ ਅਤੇ  ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਪਵਿੱਤਰ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖ਼ੁਲਾਸਾ ਕੀਤਾ ਕਿ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਕਰ ਕੇ ਇਸੇ ਮਹੀਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਜਾਂਚ ਦੌਰਾਨ ਇਹੀ ਲੱਗਦਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸੇ ਸੰਗਠਿਤ ਸੰਸਥਾ ਜਾਂ ਸ਼ਰਾਰਤੀ ਅਨਸਰਾਂ ਦਾ ਹੱਥ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰਨ ਮਗਰੋਂ ਹੀ ਕਿਸੇ ਨਤੀਜੇ ’ਤੇ ਪਹੁੰਚਿਆ ਜਾ ਸਕਦਾ ਹੈ। ਜਸਟਿਸ ਰਣਜੀਤ ਸਿੰਘ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਅੰਬੇ ਮਾਜਰਾ ਤੇ ਚਤਰਪੁਰਾ ਅਤੇ ਖਮਾਣੋਂ ਦੇ ਪਿੰਡ ਬਦੇਸ਼ਾਂ ਕਲਾਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਪੁਲੀਸ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਬਣਾਏ ਗਏ ਗਵਾਹਾਂ ਨਾਲ ਵੀ ਗੱਲਬਾਤ ਕੀਤੀ ਅਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਪਤਵੰਤਿਆਂ ਤੋਂ ਵੀ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਪੁਲੀਸ ਵੱਲੋਂ ਕੀਤੀ ਗਈ ਜਾਂਚ ਬਾਰੇ ਵੀ ਜਾਣਕਾਰੀ ਹਾਸਲ ਕੀਤੀ, ਜਿਸ ’ਤੇ ਪਿੰਡ ਵਾਸੀਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ।